Total views : 131886
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ –
ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਖਾਟੂ ਸ਼ਯਾਮ ਤੇ ਸਾਲਾਸਰ ਲਈ ਰਵਾਨਾ
ਰਾਏਕੋਟ/ਲੁਧਿਆਣਾ, 17 ਜਨਵਰੀ — ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਖਾਟੂ ਸ਼ਯਾਮ ਅਤੇ ਸਾਲਾਸਰ (ਰਾਜਸਥਾਨ) ਵਿਖੇ ਦਰਸ਼ਨਾਂ ਲਈ ਰਵਾਨਾ ਕੀਤੇ ਗਏ।
ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਬੱਸਾਂ ਨੂੰ ਝੰਡੀ ਦੇਣ ਮੌਕੇ ਕਿਹਾ ਕਿ ਪਿੰਡ ਨੱਥੋਵਾਲ ਅਤੇ ਝੋਰੜਾਂ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਜਾਣਗੀਆਂ ਜਿੱਥੇ ਸੰਗਤਾਂ ਨਤਮਸਤਕ ਹੋਣਗੀਆਂ ਜਦਕਿ ਬਲਾਕ ਸੁਧਾਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਖਾਟੂ ਸ਼ਯਾਮ ਅਤੇ ਸਾਲਾਸਰ (ਰਾਜਸਥਾਨ) ਵਿਖੇ ਹਾਜਰੀ ਭਰੇਗੀ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਅੱਗੇ ਦੱਸਿਆ ਕਿ ਧਾਰਮਿਕ ਸਥਾਨਾਂ ਦੇ ਚਾਹਵਾਨ ਸ਼ਰਧਾਲੂ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਉਨ੍ਹਾਂ ਦੇ ਦਫ਼ਤਰ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ ‘ਤੇ ਯਕੀਨੀ ਬਣਾਉਣ।
——