Total views : 131886
ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਨਗੀਆਂ ਸੰਗਤਾਂ
ਗੁਰਦਾਸਪੁਰ, 23 ਜਨਵਰੀ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਚੱਕ ਸ਼ਰੀਫ਼ ਦੇ ਸ਼ਰਧਾਲੂਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਾਉਣ ਲਈ ਵਿਸ਼ੇਸ਼ ਬੱਸ ਰਵਾਨਾ ਹੋਈ। ਇਸ ਵਿਸ਼ੇਸ਼ ਬੱਸ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਹਰੀ ਝੰਡੀ ਦਿਖਾਈ ਗਈ।
ਤੀਰਥ ਯਾਤਰਾ ਬੱਸ ਨੂੰ ਰਵਾਨਾ ਕਰਨ ਮੌਕੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਸਾਰੇ ਯਾਤਰੂਆਂ ਨੂੰ ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਵਰਤੇ ਜਾਣ ਵਾਲੇ ਸਮਾਨ ਦੀਆਂ ਕਿੱਟਾਂ ਤਕਸੀਮ ਕੀਤੀਆਂ ਅਤੇ ਉਨ੍ਹਾਂ ਦੀ ਸੁਖਮਈ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬੱਸ ਅੱਜ ਤਲਵੰਡੀ ਸਾਬੋ ਵਿਖੇ ਪਹੁੰਚੇਗੀ ਜਿਥੇ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਨਗੀਆਂ। ਉਨ੍ਹਾਂ ਕਿਹਾ ਕਿ ਰਾਤ ਦਾ ਪੜਾਅ ਤਲਵੰਡੀ ਸਾਬੋ ਵਿਖੇ ਹੀ ਹੋਵੇਗਾ ਅਤੇ ਅਗਲੇ ਦਿਨ ਯਾਤਰਾ ਵਾਪਸ ਪਿੰਡ ਚੱਕ ਸ਼ਰੀਫ਼ ਪਹੁੰਚੇਗੀ।
ਚੇਅਰਮੈਨ ਜਗਰੂਪ ਸਿੰਘ ਨੇ ਕਿਹਾ ਕਿ ਯਾਤਰਾ ਦੌਰਾਨ ਆਉਣ-ਜਾਣ ਅਤੇ ਓਥੇ ਰਹਿਣ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਆਰੰਭੀ ਗਈ ਇਹ ਯੋਜਨਾ ਇੱਕ ਅਗਾਂਹਵਧੂ ਉਪਰਾਲਾ ਹੈ ਜਿਸ ਨੂੰ ਸੂਬੇ ਭਰ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਉਨਾਂ ਲਈ ਇਹ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ। ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਕਾਦੀਆਂ ਹਲਕੇ ਤੋਂ ਅੱਜ ਪਹਿਲੀ ਬੱਸ ਤੀਰਥ ਯਾਤਰਾ ਨੂੰ ਰਵਾਨਾ ਹੋਈ ਹੈ ਅਤੇ ਆਉਂਦੇ ਦਿਨਾਂ ਵਿਚ ਹਲਕੇ ਤੋਂ ਹੋਰ ਵੀ ਬੱਸਾਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਨੂੰ ਜਾਣਗੀਆਂ।