ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ

ਖ਼ਬਰ ਸ਼ੇਅਰ ਕਰੋ
035606
Total views : 131852

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਭਰੀ ਹਾਜ਼ਰੀ —
ਅੰਮ੍ਰਿਤਸਰ, 28 ਜਨਵਰੀ -(ਡਾ. ਮਨਜੀਤ ਸਿੰਘ)- ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਨ ਕਰਵਾਇਆ। ਉਨ੍ਹਾਂ ਸੰਗਤ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਵੀ ਕੀਤੀਆਂ।
ਸਮਾਗਮ ‘ਚ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਜੀ ਦੀਆਂ ਸੇਵਾਵਾਂ ਬਹੁਤ ਵੱਡੀਆਂ ਹਨ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਆਪਣੇ ਹੱਥ ਨਾਲ ਲਿੱਖ ਕੇ ਤਖ਼ਤ ਸਾਹਿਬਾਨ ਤੇ ਪ੍ਰਕਾਸ਼ ਕਰਵਾਏ। ਉਨ੍ਹਾ ਕਿਹਾ ਕਿ ਬਾਬਾ ਜੀ ਦੀ ਸ਼ਹੀਦੀ ਦਾ ਇਤਿਹਾਸ ਵੀ ਲਾਸਾਨੀ ਹੈ। ਬਾਬਾ ਜੀ ਨੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰੂਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਜਿਸ ਵਿਚ 167 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ , ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਜੁਗਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਬਲਵੰਤ ਸਿੰਘ ਐਨੋਕੋਟ ਨੇ ਵੀ ਹਾਜ਼ਰੀ ਭਰੀ।