Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਖ਼ਬਰ ਸ਼ੇਅਰ ਕਰੋ
046263
Total views : 154283

ਕੈਬਨਿਟ ਮੰਤਰੀ ਧਾਲੀਵਾਲ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ

ਗੁਰਦਾਸਪੁਰ, 30 ਜਨਵਰੀ – ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਰਵਿੰਦਰਪਾਲ ਸਿੰਘ ਸੰਧੂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਜਰੀਏ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਖ਼ਰਚੀਆਂ ਜਾਣ ਵਾਲੀਆਂ ਗਰਾਂਟਾਂ ਲੋਕਾਂ ਦੀ ਭਲਾਈ ਉੱਪਰ 31 ਮਾਰਚ ਤੋਂ ਪਹਿਲਾਂ ਖ਼ਰਚ ਲਈਆਂ ਜਾਣ ਤਾਂ ਜੋ ਅਗਲੇ ਵਿੱਤੀ ਵਰ੍ਹੇ ਵਿੱਚ ਸਰਕਾਰ ਵੱਲੋਂ ਨਵੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਸਕਣ।

ਮੀਟਿੰਗ ਦੌਰਾਨ ਪੰਚਾਇਤ ਵਿਭਾਗ ਦੇ ਕੰਮਾਂ ਦਾ ਰੀਵਿਊ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਨਰੇਗਾ ਯੋਜਨਾ ਤਹਿਤ ਪਿੰਡਾਂ ਦੇ ਵੱਧ ਤੋਂ ਵੱਧ ਵਿਕਾਸ ਕਾਰਜ ਕੀਤੇ ਜਾਣ। ਉਨ੍ਹਾਂ ਸਵੱਛ ਭਾਰਤ ਗਰਾਮੀਣ ਮਿਸ਼ਨ ਨੂੰ ਪਿੰਡਾਂ ਵਿੱਚ ਅਸਰਦਾਰ ਢੰਗ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਔਰਤਾਂ ਦੇ ਵੱਧ ਤੋਂ ਵੱਧ ਸਵੈ ਸਹਾਇਤਾ ਸਮੂਹ ਗਠਿਤ ਕਰਕੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੈ ਸਹਾਇਤਾ ਸਮੂਹਾਂ ਲਈ ਖੋਲ੍ਹੇ ਗਏ ਅਬਾਦ ਹੁਨਰ ਹੱਟ ਦੇ ਉਪਰਾਲੇ ਦੀ ਸਰਾਹਨਾ ਕੀਤੀ।

ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਪਿੰਡਾਂ ‘ਚ ਲਾਇਬ੍ਰੇਰੀਆਂ ਖੋਲ੍ਹਣ ਦਾ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 1.60 ਕਰੋੜ ਰੁਪਏ ਦੀ ਲਾਗਤ ਨਾਲ 16 ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਲਾਇਬ੍ਰੇਰੀਆਂ ਦੇ ਨਿਰਮਾਣ ਤੋਂ ਬਾਅਦ ਇਨ੍ਹਾਂ ਦੇ ਰੱਖ-ਰਖਾਅ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਜਾਣ।

ਮੀਟਿੰਗ ਦੌਰਾਨ ਉਨ੍ਹਾਂ ਨੇ ਰੁਜ਼ਗਾਰ ਵਿਭਾਗ, ਡੇਅਰੀ ਵਿਕਾਸ ਵਿਭਾਗ, ਪਸ਼ੂ ਪਾਲਣ ਵਿਭਾਗ ਦੀ ਪ੍ਰਗਤੀ ਦਾ ਰੀਵਿਊ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਆਪਣੇ ਕਿੱਤੇ ਸ਼ੁਰੂ ਕਰਨ ਲਈ ਸਬਸਿਡੀ ਉੱਪਰ ਕਰਜ਼ੇ ਵੀ ਦਿੱਤੇ ਜਾ ਰਹੇ ਹਨ। ਸ਼ੂਗਰ ਮਿੱਲ ਬਟਾਲਾ ਅਤੇ ਪਨਿਆੜ ਦੇ ਅਪਗਰੇਡੇਸ਼ਨ ਪ੍ਰੋਜੈਕਟ ਦਾ ਰੀਵਿਊ ਕਰਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਜਲਦ ਮੁਕੰਮਲ ਕੀਤਾ ਜਾਵੇ।

ਨਹਿਰੀ ਵਿਭਾਗ ਨੂੰ ਹਦਾਇਤ ਦਿੰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਗਾਮੀ ਸਾਉਣੀ ਦੇ ਸੀਜ਼ਨ ਤੋਂ ਪਹਿਲਾਂ ਜ਼ਿਲ੍ਹੇ ਵਿੱਚ ਸਾਰੀਆਂ ਨਹਿਰਾਂ, ਸੂਏ ਅਤੇ ਖਾਲਾ ਦੀ ਸਫ਼ਾਈ ਮੁਕੰਮਲ ਕਰ ਲਈ ਜਾਵੇ। ਇਸਦੇ ਨਾਲ ਹੀ ਜਿਹੜੇ ਸੂਏ ਅਤੇ ਖਾਲਾਂ ਨੂੰ ਪੱਕਿਆਂ ਕਰਨ ਦਾ ਕੰਮ ਜਾਰੀ ਹੈ ਉਹ ਵੀ ਮਈ ਮਹੀਨੇ ਦੇ ਅਖੀਰ ਤੱਕ ਪੂਰਾ ਕਰ ਲਿਆ ਜਾਵੇ। ਉਨ੍ਹਾਂ ਡਰੇਨਜ਼ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਵਾਰ ਸਮਾਂ ਰਹਿੰਦੇ ਹੀ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰ ਲਏ ਜਾਣ ਅਤੇ ਇਸ ਲਈ ਸਰਕਾਰ ਕੋਲੋਂ ਜੋ ਫ਼ੰਡ ਲੋੜੀਂਦੇ ਹਨ ਉਸ ਲਈ ਅਗਾਊਂ ਪ੍ਰੋਪਜਲ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਡਰੇਨਜ਼ ਅਤੇ ਨਾਲਿਆਂ ਦੀ ਸਫ਼ਾਈ ਨੂੰ ਬਰਸਾਤੀ ਸੀਜ਼ਨ ਤੋਂ ਪਹਿਲਾਂ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨੇ ਅਸ਼ੀਰਵਾਦ ਸਕੀਮ, ਸਕਾਲਰਸ਼ਿਪ ਸਕੀਮ ਅਤੇ ਰਾਜ ਸਰਕਾਰ ਦੀਆਂ ਹੋਰ ਭਲਾਈ ਸਕੀਮਾਂ ਦਾ ਰੀਵਿਊ ਵੀ ਕੀਤਾ।

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਕਾਸ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਮੈਡਮ ਇਰਵਿਨ ਕੌਰ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ, ਐੱਸ.ਡੀ.ਐੱਮ. ਫ਼ਤਿਹਗੜ੍ਹ ਚੂੜੀਆਂ ਸ. ਬੇਅੰਤ ਸਿੰਘ ਸਿੱਧੂ, ਐੱਸ.ਡੀ.ਐੱਮ. ਦੀਨਾਨਗਰ ਸ. ਗੁਰਦੇਵ ਸਿੰਘ ਧਾਮ, ਐੱਸ.ਡੀ.ਐੱਮ. ਸ. ਰਾਜਪਾਲ ਸਿੰਘ ਸੇਖੋਂ, ਐਕਸੀਅਨ ਡਰੇਨਜ਼ ਸ. ਦਿਲਪ੍ਰੀਤ ਸਿੰਘ, ਐਕਸੀਅਨ ਮੰਡੀ ਬੋਰਡ ਸ. ਬਲਦੇਵ ਸਿੰਘ ਬਾਜਵਾ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਹਰਚਰਨ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸੁਰਿੰਦਰਪਾਲ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸ਼ਾਮ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।