Total views : 131858
ਲੋਕਾਂ ਨਾਲ ਕੀਤੀ ਗੱਲਬਾਤ, ਮੌਕੇ ’ਤੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ
ਘਰਾਂ ਨਜ਼ਦੀਕ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਲੋਕਾਂ ਨੇ ਮਾਨ ਸਰਕਾਰ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 6 ਫਰਵਰੀ (ਡਾ. ਮਨਜੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਵੱਡੀ ਗਿਣਤੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਕੀਤੇ ਗਏ ਮਹੱਤਵਪੂਰਨ ਉਪਰਾਲੇ ਤਹਿਤ ਅੱਜ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿਖੇ ਇਕੋ ਦਿਨ ਵਿੱਚ 24 ਕੈਂਪ ਆਯੋਜਿਤ ਕੀਤੇ ਗਏ , ਜਿਨ੍ਹਾਂ ਦਾ ਵੱਡੀ ਗਿਣਤੀ ਲੋੜਵੰਦਾਂ ਨੇ ਭਰਪੂਰ ਲਾਭ ਉਠਾਇਆ ਅਤੇ ਸਬੰਧਤ ਵਿਭਾਗਾਂ ਰਾਹੀਂ ਮੌਕੇ ’ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਭਰਾੜੀਵਾਲ ਵਿਖੇ ਆਯੋਜਿਤ ਅਜਿਹੇ ਹੀ ਕੈਂਪ ਦਾ ਜਾਇਜ਼ਾ ਲੈਂਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪਾਂ ਵਿੱਚ ਸ਼ਾਮਲ ਹੋਏ ਲੋਕ ਸਰਕਾਰ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ ਕਿਉਂ ਜੋ ਲੋਕਾਂ ਦੀਆਂ ਸਰਕਾਰੀ ਸੇਵਾਵਾਂ ਨਾਲ ਸਬੰਧਤ ਲੋੜਾਂ ਦੀ ਪੂਰਤੀ ਇਕੋ ਹੀ ਥਾਂ ’ਤੇ ਕਰਵਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਇਹ ਮੁਹਿੰਮ ਆਰੰਭ ਕੀਤੀ ਗਈ ਹੈ ਜਿਸ ਤਹਿਤ ਸੂਬੇ ਵਿੱਚ ਹੁਣ ਰੋਜ਼ਾਨਾ ਦੇ ਆਧਾਰ ’ਤੇ ਕੈਂਪ ਜਾਰੀ ਰੱਖੇ ਜਾਣਗੇ। ਇਸ ਮੌਕੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਵੱਲੋਂ ਵੀ ਲੋੜੀਂਂਦਾ ਅਮਲਾ ਇੰਨਾ ਕੈਂਪਾਂ ਵਿਚ ਮੌਜੂਦ ਰਹੇਗਾ ਅਤੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਸੁਹਿਰਦ ਯਤਨ ਹੋਣਗੇ। ਉਨ੍ਹਾਂ ਇਸ ਦੌਰਾਨ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੀਆਂ ਹਦਾਇਤਾਂ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟੇਰਟ ਨੂੰ ਹਦਾਇਤ ਕੀਤੀ ਹੈ ਕਿ ਸਬ ਡਵੀਜ਼ਨਾਂ ਦੀ ਪੇਂਡੂ ਤੇ ਸ਼ਹਿਰੀ ਵਸੋਂ ਨੂੰ ਸਰਕਾਰੀ ਸੇਵਾਵਾਂ ਦੇ ਲਾਭ ਮੁਹੱਈਆ ਕਰਵਾਉਣ ਹਿੱਤ ਇਨ੍ਹਾਂ ਕੈਂਪਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਵਿਸ਼ੇਸ ਕੈਂਪਾਂ ਦਾ ਸਿਲਸਿਲਾ ਲਗਾਤਰ ਇੱਕ ਮਹੀਨਾ ਚੱਲੇਗਾ ਇਸ ਲਈ ਇਸ ਮੁਹਿੰਮ ਤਹਿਤ ਕੈਂਪ ਲਗਾਉਣ ਵਾਲੇ ਅਧਿਕਾਰੀ ਤੇ ਕਰਮਚਾਰੀ ਲੋਕਾਂ ਦੀ ਸੁਵਿਧਾ ਲਈ ਸਬੰਧਤ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੋਰ ਸਾਧਨਾਂ ਰਾਹੀਂ ਕੈਂਪਾਂ ਬਾਰੇ ਅਗੇਤੇ ਤੌਰ ’ਤੇ ਜਾਗਰੂਕਤਾ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣਗੇ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਕੈਂਪਾਂ ਦਾ ਲਾਭ ਹਾਸਲ ਕਰ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਵਿਭਾਗ ਦੇ ਸਹਿਯੋਗ ਨਾਲ ਲਗਾਏ ਇਨ੍ਹਾਂ ਕੈਂਪਾਂ ਵਿੱਚ ਸੇਵਾ ਕੇਂਦਰ ਦੀ ਕਰਮਚਾਰੀ ਵੀ ਹਨ ਅਤੇ ਕੋਈ ਵੀ ਬਿਨੈਕਾਰ ਸੇਵਾ ਕੇਂਦਰਾਂ ਦੀਆਂ ਨਿਰਧਾਰਿਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਇਸ ਮੌਕੇ ਐਸ ਡੀ ਐਮ ਸ. ਮਨਵਕੰਵਲ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।