Total views : 131856
ਅੰਮ੍ਰਿਤਸਰ/ਅਜਨਾਲਾ, 12 ਫਰਵਰੀ -(ਡਾ. ਮਨਜੀਤ ਸਿੰਘ, ਡਾ. ਲਖਵਿੰਦਰ ਰੰਧਾਵਾ)- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ। ਇਸੇ ਹੀ ਕੜੀ ਤਹਿਤ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਬੋਹੜਵਾਲਾ ਵਿਖੇ ਕੈਂਪ ਲਾਇਆ ਗਿਆ।
ਇਸ ਮੌਕੇ ਤਹਿਸੀਲਦਾਰ ਅਕਸ਼ੈ ਕੁੰਦਰਾ ਨੇ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਇਨਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾ ਦੇ ਸਮੇਂ ਅਤੇ ਪੈਸੇ ਦੀ ਬਚਤ ਕਰਨਾ ਹੈ। ਉਨਾਂ ਦੱਸਿਆ ਕਿ ਕਈ ਗਰੀਬ ਪਰਿਵਾਰ ਇਨਾਂ ਸਹੂਲਤਾਂ ਨੂੰ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਹੀ ਨਹੀਂ ਸਕਦੇ ਸਨ। ਉਨਾਂ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਇਹ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਰੋਜ਼ਾਨਾ ਹਰੇਕ ਸਬ ਡਵੀਜ਼ਨ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਇਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ। ਉਨਾਂ ਦੱਸਿਆ ਕਿ ਇਸ ਸਾਰੀਆਂ ਸੇਵਾਵਾਂ ਡੋਰ ਟੂ ਡੋਰ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕ 1076 ਨੰਬਰ ਤੇ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਇਸ ਮੌਕੇ ਹੋਰਨਾਂ ਤੋ ਇਲਾਵਾ ਸੁਖਜਿੰਦਰ ਸਿੰਘ ਬਾਜਵਾ ਬੀ.ਡੀ.ਪੀ.ਓ , ਹਰਵਿੰਦਰ ਸਿੰਘ ਹੈਲਥ ਸੁਪਰਵਾਈਜ਼ਰ, ਜਸਬੀਰ ਕੌਰ ਇਸਤਰੀ ਤੇ ਬਾਲ ਵਿਕਾਸ ਵਿਭਾਗ, ਬਲਜੀਤ ਸਿੰਘ ਜੇ.ਈ., ਭੁਪਿੰਦਰ ਸਿੰਘ ਲਾਈਨਮੈਨ, ਸੰਦੀਪ ਸਿੰਘ ਸੰਧੂ ਪਟਵਾਰੀ ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ।