Total views : 131887
ਕਿਸਾਨ ਜਥੇਬੰਦੀਆ ਦੇ ਸੱਦੇ ਤਹਿਤ ਜੰਡਿਆਲਾ ਗੁਰੂ ਨਜਦੀਕ ਪੈੰਦੇ ਨਿੱਝਰਪੁਰਾ ਟੋਲ ਪਲਾਜ਼ਾ ਨੂੰ ਟੋਲ ਮੁਕਤ
ਅੰਮ੍ਰਿਤਸਰ/ਜੰਡਿਆਲਾ ਗੁਰੂ, 15 ਫਰਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਪੰਜਾਬ ਹਰਿਆਣਾ ਬਾਰਡਰਾਂ ਉੱਪਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਆਗੂਆਂ, ਕਾਰਕੁੰਨਾਂ ਉੱਪਰ ਹਰਿਆਣਾ ਪੁਲਿਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਖਿਲਾਫ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਟੋਲ ਮੁਕਤ ਕਰਨ ਦੇ ਸੱਦੇ ਨੂੰ ਅਮਲੀਜਾਮਾ ਪਹਿਨਾਉਂਦਿਆਂ ਜੰਡਿਆਲਾ ਗੁਰੂ ਨਜਦੀਕ ਪੈੰਦੇ ਨਿੱਝਰਪੁਰਾ ਟੋਲ ਪਲਾਜ਼ਾ ਨੂੰ ਟੋਲ ਮੁਕਤ ਕੀਤਾ ਗਿਆ।
ਇਸ ਮੌਕੇ ਹੋਏ ਕਿਸਾਨਾਂ ਮਜਦੂਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਰਤਨ ਸਿੰਘ ਰੰਧਾਵਾ, ਜਤਿੰਦਰ ਸਿੰਘ ਛੀਨਾ, ਲਖਬੀਰ ਸਿੰਘ ਨਿਜਾਮਪੁਰਾ, ਨਿਸ਼ਾਨ ਸਿੰਘ ਸਾਂਘਣਾ, ਗੁਰਦੇਵ ਸਿੰਘ ਵਰਪਾਲ, ਤਰਸੇਮ ਸਿੰਘ ਨੰਗਲ, ਕਸ਼ਮੀਰ ਸਿੰਘ, ਪ੍ਰਭਜੀਤ ਸਿੰਘ ਤਿੰਮੋਵਾਲ, ਨਿਰਮਲ ਸਿੰਘ ਛੱਜਲਵੱਡੀ, ਅਮਰਜੀਤ ਸਿੰਘ ਚੌਹਾਨ, ਅਵਤਾਰ ਸਿੰਘ, ਭੁਪਿੰਦਰ ਸਿੰਘ ਜੌਹਲ, ਕੇ,ਪੀ.ਸਿੰਘ, ਪ੍ਰੇਮ ਕੁਮਾਰ, ਬਲਵਿੰਦਰ ਸਿੰਘ ਝਬਾਲ, ਦਲਬੀਰ ਸਿੰਘ ਬੇਦਾਦਪੁਰ ਨੇ ਕਿਹਾ ਕਿ ਕਿ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਾ ਹਰ ਵਰਗ ਦਾ ਮੌਲਿਕ ਅਧਿਕਾਰ ਹੈ, ਪਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਦਿੱਲੀ ਜਾ ਰਹੇ ਕਿਸਾਨਾਂ ਉੱਤੇ ਹਰਿਆਣਾ ਸਰਕਾਰ ਦੇ ਆਦੇਸ਼ਾਂ ਨਾਲ ਪੁਲਿਸ ਵੱਲੋਂ ਬੈਰੀਕੇਡ ਅਤੇ ਹੋਰ ਰੋਕਾਂ ਲਗਾ ਰਸਤੇ ਰੋਕਣ, ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਤਸ਼ੱਦਦ ਕਰਨਾ ਅਤਿ ਨਿੰਦਣਯੋਗ ਹੈ।
ਆਗੂਆਂ ਨੇ ਕਿਹਾ ਕਿ ਪੁਲਿਸ ਦੀ ਇਸ ਕਾਰਵਾਈ ਨਾਲ ਸੈਂਕੜੇ ਕਿਸਾਨ ਜਖਮੀ ਹੋਏ ਅਤੇ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਲੋਕ ਵਿਰੋਧੀ ਕਾਰਵਾਈ ਕਾਰਨ ਲੋਕਾਂ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਜਿਸ ਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਲ੍ਹ ਹੰਗਾਮੀ ਮੀਟਿੰਗ ਸੱਦ ਕੇ ਟੋਲ ਪਲਾਜ਼ੇ ਟੋਲ ਮੁਕਤ ਕਰਨ ਦਾ ਫੈਸਲਾ ਕੀਤਾ ਗਿਆ ਸੀ। ਅੱਜ ਉਸ ਸੱਦੇ ਤੇ ਅਮਲ ਕਰਦਿਆ ਜਿਥੇ ਟੋਲ ਪਲਾਜਾ ਬੰਦ ਕੀਤਾ ਗਿਆ ਉਥੇ ਐਲਾਨ ਕੀਤਾ ਕਿ ਜੇਕਰ ਕੇਂਦਰ ਸਰਕਾਰ ਨੇ ਆਪਣਾ ਜਬਰ ਬੰਦ ਨਾ ਕੀਤਾ ਤਾਂ ਉਸ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਜੋ ਦੇਸ਼ ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ ਉਸ ਦੀਆਂ ਅੰਮ੍ਰਿਤਸਰ ਜਿਲੇ ਅੰਦਰ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਸਿੰਘ ਛੱਜਲਵੱਡੀ,ਪ੍ਰਕਾਸ਼ ਸਿੰਘ ਥੋਥੀਆਂ ਡਾ,ਬਲਰਾਜ ਸਿੰਘ, ਸੂਬੇਦਾਰ ਜੋਗਿੰਦਰ ਸਿੰਘ, ਕਰਨੈਲ ਸਿੰਘ ਨਵਾਂਸ਼ਹਿਰ, ਅਵਤਾਰ ਸਿੰਘ ਵਡਾਲਾ ਜੌਹਲ ਆਦਿ ਹਾਜਰ ਸਨ।