Total views : 131857
ਅੰਮ੍ਰਿਤਸਰ, 15 ਫ਼ਰਵਰੀ -(ਡਾ. ਮਨਜੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਸਾਨਾਂ ਦੇ ਹੱਕਾਂ ਪ੍ਰਤੀ ਕੇਂਦਰ ਸਰਕਾਰ ਵਲੋਂ ਅਪਨਾਏ ਜਾ ਰਹੇ ਹਠੀ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਹਰਿਆਣਾ ਦੇ ਗੁਰਦੁਆਰਿਆਂ ਦੀਆਂ ਸਰਾਵਾਂ ਵਿਚ ਪੁਲਿਸ ਅਤੇ ਨੀਮ ਫੌਜੀ ਦਸਤਿਆਂ ਵਲੋਂ ਨਸ਼ਿਆਂ ਦਾ ਸੇਵਨ ਕਰਨ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਜਿੱਥੇ ਕੇਂਦਰ ਸਰਕਾਰ ਨੂੰ ਦੇਸ਼ ਦੇ ਅੰਨਦਾਤੇ ਕਿਸਾਨੀ ਵਰਗ ਨੂੰ ਉਸ ਦੇ ਹੱਕ ਦੇਣ ਦੀ ਨਸੀਹਤ ਦਿੱਤੀ ਹੈ, ਉੱਥੇ ਹੀ ਸਰਕਾਰ ਵਲੋਂ ਨਾਮਜਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਹੈ ਕਿ ਸੰਗਤਾਂ ਦੀ ਰਿਹਾਇਸ਼ ਲਈ ਬਣੀਆਂ ਗੁਰਦੁਆਰਿਆਂ ਦੀਆਂ ਸਰਾਵਾਂ ਵਿਚੋਂ ਪੁਲਿਸ ਅਤੇ ਨੀਮ ਫੌਜੀ ਬਲਾਂ ਨੂੰ ਤੁਰੰਤ ਬਾਹਰ ਕੀਤਾ ਜਾਵੇ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ‘ਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਆਪਣੇ ਹੱਕਾਂ ਲਈ ਦਿੱਲੀ ਨੂੰ ਰਵਾਨਾ ਹੋਏ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵਲੋਂ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਦੀਆਂ ਸਰਾਵਾਂ ਦੇ ਕਮਰਿਆਂ ਵਿਚ ਡੇਰੇ ਜਮਾਉਣ ਅਤੇ ਉੱਥੇ ਨਸ਼ਿਆਂ ਦਾ ਸੇਵਨ ਕਰਨ ਦੀਆਂ ਨਾ-ਬਰਦਾਸ਼ਤਯੋਗ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੇ ਗੁਰਦੁਆਰਿਆਂ ਦੀਆਂ ਸਰਾਵਾਂ ਵਿਚੋਂ ਪੁਲਿਸ ਦੁਆਰਾ ਵਰਤੇ ਗਏ ਤੰਬਾਕੂ, ਸਿਗਰਟਾਂ, ਸ਼ਰਾਬ ਅਤੇ ਹੋਰ ਸਿੱਖ ਧਰਮ ਵਿਰੋਧੀ ਵਸਤੂਆਂ ਬਰਾਮਦ ਕੀਤੀਆਂ ਹਨ, ਜੋ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਵੱਡੀ ਕੁਤਾਹੀ ਹੈ, ਜਿਨ੍ਹਾਂ ਨੇ ਆਪਣੇ ਸਿਆਸੀ ਮੁਫਾਦਾਂ ਖਾਤਰ ਪਵਿੱਤਰ ਗੁਰਦੁਆਰਿਆਂ ਵਿਚ ਪੁਲਿਸ ਵਾੜਨ ਦੀ ਹਮਾਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਉਹ ਗੁਰਦੁਆਰਿਆਂ ਦੀ ਮਾਲਕ ਨਹੀਂ ਸਗੋਂ ਪ੍ਰਬੰਧਕੀ ਸੰਸਥਾ ਹੈ, ਜਿਸ ਦੇ ਕੋਲ ਅਜਿਹਾ ਕੋਈ ਹੱਕ ਨਹੀਂ ਹੈ ਕਿ ਉਹ ਗੁਰਦੁਆਰਿਆਂ ਦੀਆਂ ਸਰਾਵਾਂ ਵਿਚ ਪੁਲਿਸ ਨੂੰ ਬਿਠਾ ਕੇ ਤੰਬਾਕੂ ਅਤੇ ਸ਼ਰਾਬ ਦੀ ਵਰਤੋਂ ਕਰਨ ਦੀ ਖੁੱਲ੍ਹ ਦੇਵੇ। ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਵੀ ਸਰਕਾਰ ਤੇ ਪੁਲਿਸ ਦੇ ਜ਼ੋਰ ਨਾਲ ਗੁਰਦੁਆਰਿਆਂ ਦੇ ਪ੍ਰਬੰਧ ਹਾਸਲ ਕੀਤੇ ਹਨ ਅਤੇ ਹੁਣ ਉਹ ਬਦਲੇ ਵਿਚ ਸਰਕਾਰਾਂ ਨੂੰ ਖੁਸ਼ ਕਰਨ ਲਈ ਪਵਿੱਤਰ ਗੁਰਧਾਮਾਂ ਦੀ ਮਰਯਾਦਾ ਦੀ ਉਲੰਘਣਾ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕੁਤਾਹੀ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਗੁਰਦੁਆਰਿਆਂ ਦੀ ਪਵਿੱਤਰ ਮਰਯਾਦਾ ਭੰਗ ਕਰਨ ਦੇ ਜ਼ਿੰਮੇਵਾਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗਿਆਨੀ ਰਘਬੀਰ ਸਿੰਘ ਨੇ ਹਰਿਆਣਾ ਦੀਆਂ ਸੰਗਤਾਂ ਨੂੰ ਵੀ ਸੁਚੇਤ ਹੋ ਕੇ ਗੁਰਦੁਆਰਿਆਂ ਦੀ ਪਵਿੱਤਰਤਾ ਦੀ ਰਾਖੀ ਕਰਨ ਲਈ ਆਖਿਆ ਹੈ।
ਗਿਆਨੀ ਰਘਬੀਰ ਸਿੰਘ ਨੇ ਕਿਸਾਨਾਂ ਵਲੋਂ ਆਪਣੇ ਹੱਕਾਂ ਪ੍ਰਤੀ ਅਪਨਾਏ ਸੰਘਰਸ਼ੀ ਰੌਂਅ ਦੀ ਹਮਾਇਤ ਕਰਦਿਆਂ ਆਖਿਆ ਕਿ ਕੇਂਦਰ ਦੀ ਸਰਕਾਰ ਨੂੰ ਤੁਰੰਤ ਕਿਸਾਨਾਂ ਦੇ ਹੱਕ ਉਨ੍ਹਾਂ ਨੂੰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਹੰਝੂ ਗੈਸ ਦੇ ਗੋਲੇ ਸੁੱਟਣੇ ਅਤੇ ਬਲ ਦੀ ਵਰਤੋਂ ਕਰਕੇ ਉਨ੍ਹਾਂ ਉੱਤੇ ਜ਼ੁਲਮ ਕਰਨਾ ਕਿਸੇ ਜ਼ਮਹੂਰੀ ਸਰਕਾਰ ਨੂੰ ਬਿਲਕੁਲ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕਣ ਲਈ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਪਾਕਿਸਤਾਨ ਦੀ ਸਰਹੱਦ ਵਾਂਗ ਸਖ਼ਤ ਰੋਕਾਂ ਲਾਉਣੀਆਂ ਇੰਜ ਅਹਿਸਾਸ ਕਰਵਾ ਰਹੀਆਂ ਹਨ, ਜਿਵੇਂ ਪੰਜਾਬ ਭਾਰਤ ਦਾ ਹਿੱਸਾ ਨਾ ਹੋ ਕੇ ਕੋਈ ਦੁਸ਼ਮਣ ਦੇਸ਼ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਰਵੱਈਆ ਕਿਸੇ ਵੀ ਤਰ੍ਹਾਂ ਦੇਸ਼ ਦੇ ਹਿੱਤ ਵਿਚ ਨਹੀਂ ਹੈ।
#farmerprotests2024 #FarmerProtests #kisaanmajdoorektazindabad #kisaanektazindabaad #CentreGovernment #narendramodi_primeminister #justiceforkisaan #indiangovernment