ਸਰਕਾਰਾਂ ਦੇ ਕੰਮ ਕਰਨਗੇ ਹੁਣ ਕਾਰ ਸੇਵਾ ਵਾਲੇ ਮਹਾਂਪੁਰਖ – ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਖ਼ਬਰ ਸ਼ੇਅਰ ਕਰੋ
035612
Total views : 131859

ਸ੍ਰੀ ਅਨੰਦਪੁਰ ਸਾਹਿਬ, 17 ਫਰਵਰੀ- ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 21 ਮਾਰਚ ਤੋਂ 26 ਮਾਰਚ 2024 ਤੀਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਗੜਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲਾ ਮਾਰਗ ਜਿਸ ਜਰੀਏ ਦੁਆਬਾ, ਮਾਝਾ ਅਤੇ ਕੁਝ ਮਾਲਵਾ ਦੇ ਖੇਤਰ ਤੋਂ ਵੱਡੇ ਪੱਧਰ ਤੇ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਸਮੇਂ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਹੁੰਚਦੀਆਂ ਹਨ, ਪ੍ਰੰਤੂ ਇਸ ਮਾਰਗ ਦੀ ਹਾਲਤ ਬਹੁਤ ਖਸਤਾ ਹੋਣ ਕਰਕੇ ਸੰਗਤ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਸਿੰਘ ਸਾਹਿਬ ਵੱਲੋਂ ਸਮੇਂ ਦੀਆਂ ਸਰਕਾਰਾਂ ਦੇ ਮੋਹਤਬਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਮਾਰਗ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ, ਉੱਥੇ ਹੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਵੱਲੋਂ ਕੌਮੀ ਤਿਉਹਾਰ ਹੋਲਾ ਮਹੱਲਾ ਨਜ਼ਦੀਕ ਆ ਰਿਹਾ ਹੋਣ ਕਰਕੇ ਅਗਾਊਂਂ ਪ੍ਰਬੰਧਾਂ ਲਈ ਪ੍ਰਸ਼ਾਸਨ ਅਤੇ ਸਰਕਾਰਾਂ ਨੂੰ ਕਈ ਪੱਤਰ ਲਿਖੇ ਗਏ ਹਨ ਪਰੰਤੂ ਸਰਕਾਰਾਂ ਤੇ ਪ੍ਰਸ਼ਾਸਨ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ।
ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਚਾ ਸਿੰਘ ਅਤੇ ਸੰਤ ਬਾਬਾ ਸਤਨਾਮ ਸਿੰਘ ਵੱਲੋਂ ਇਸ ਮਾਰਗ ਦੀ ਮੁਰੰਮਤ ਕਰਨ ਲਈ ਪਹਿਲਕਦਮੀ ਕੀਤੀ ਗਈ ਹੈ ਅਤੇ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਜਿਹੜੇ ਕੰਮ ਸਰਕਾਰਾਂ ਵੱਲੋਂ ਕੀਤੇ ਜਾਣੇ ਸਨ ਉਹ ਕੰਮ ਹੁਣ ਕਾਰ ਸੇਵਾ ਵਾਲੇ ਮਹਾਂਪੁਰਖ ਕਰ ਰਹੇ ਹਨ। ਸਰਕਾਰਾਂ ਨੂੰ ਇਸ ਕਾਰਜ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਬਾਬਾ ਸਤਨਾਮ ਸਿੰਘ, ਸ. ਹਰਦੇਵ ਸਿੰਘ ਐਡੀਸ਼ਨਲ ਮੈਨੇਜਰ, ਡਾ. ਗੁਰਪਾਲ ਸਿੰਘ, ਬਾਬਾ ਮੁਨਸ਼ੀ ਸਿੰਘ, ਆਦਿ ਹਾਜ਼ਰ ਸਨ।

Government of Punjab CMO Punjab Bhagwant Mann Harbhajan Singh ETO