Total views : 131859
ਜੰਡਿਆਲਾ ਗੁਰੂ 18 ਫ਼ਰਵਰੀ- (ਸ਼ਿੰਦਾ ਲਾਹੌਰੀਆ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਕੋਠਾ ਸਾਹਿਬ ਵੱਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ। 6 ਫਰਵਰੀ ਤੋਂ ਸ਼ੁਰੂ ਹੋਏ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਜੋੜ ਮੇਲੇ ਵਿੱਚ ਦੇਸ਼ ਭਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆ ਹਨ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ‘ਤੇ ਮੇਲੇ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਕੰਟਰੋਲ ਕਰਨ ਲਈ ਥਾਣਾ ਮਕਬੂਲਪੁਰਾ ਦੇ ਐਸ.ਐਚ.ਓ ਸਰਬਜੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾਂ ਆਵੇ।
ਇਸ ਮੌਕੇ ਗੁਰਦੁਆਰਾ ਕੋਠਾ ਸਾਹਿਬ ਦੇ ਮੈਨੇਜਰ ਸ. ਜੋਬਨਜੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਥਾਣਾ ਮਕਬੂਲਪੁਰਾ ਦੇ ਮੁਖੀ ਸਰਬਜੀਤ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.ਐਚ.ਓ ਸਰਬਜੀਤ ਸਿੰਘ ਨੇ ਦੱਸਿਆ ਕਿ ਮੇਲੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾ ਦੀ ਭੈੜੇ ਅਨਸਰਾਂ ਅਤੇ ਜੇਬ ਕਤਰਿਆਂ ਉੱਤੇ ਬਾਜ਼ ਅੱਖ ਰਹੇਗੀ।