Total views : 131858
ਸਕੂਲ ਮੁਖੀ ਵੀ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਵਿਦਿਆਰਥੀਆਂ ਨੂੰ ਕਰਨ ਜਾਗਰੂਕ
ਹੁਸ਼ਿਆਰਪੁਰ, 3 ਜਨਵਰੀ — ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਖ਼ਰੀਦਣ ਤੇ ਸਟੋਰ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਇਸ ਨਾਲ ਹੋਣ ਵਾਲੇ ਹਾਦਸਿਆਂ ਨੁੰ ਰੋਕਣ ਲਈ ਜ਼ਰੂਰੀ ਕਦਮ ਉਠਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਜਿਯੋਤੀ ਬਾਲਾ ਮੱਟੂ ਤੇ ਐਸ.ਪੀ. (ਹੈੱਡਕੁਆਰਟਰ) ਮਨਜੀਤ ਕੌਰ ਅਤੇ ਆਈ.ਏ.ਐਸ ਦਿਵਿਆ ਪੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਸਕੂਲ ਮੁਖੀਆਂ ਰਾਹੀਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਵੇਚ ਰਿਹਾ ਹੈ, ਤਾਂ ਉਸ ਦੀ ਸੂਚਨਾ ਉਹ ਹੈਲਪਲਾਈਨ ਨੰਬਰ 112 ’ਤੇ ਦੇ ਸਕਦੇ ਹਨ, ਉਨ੍ਹਾਂ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਇਸ ਦੇ ਖਿਲਾਫ਼ ਮੁਹਿੰਮ ਚਲਾ ਕੇ ਇਸ ਦੀ ਵਿਕਰੀ ’ਤੇ ਰੋਕ ਲਗਾਉਣ ਲਈ ਜ਼ਰੂਰੀ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਈ.ਓਜ਼ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਨੂੰ ਨਿਰਦੇਸ਼ ਦਿੰਦੇ ਹੋਏ ਲਗਾਤਾਰ ਚੈਕਿੰਗ ਕਰਨ ਲਈ ਕਿਹਾ ਅਤੇ ਹਦਾਇਤ ਕੀਤੀ ਕਿ ਚਾਈਨਾ ਡੋਰ ਵੇਚਣ ਅਤੇ ਖ਼ਰੀਦਣ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਹਲਕੇ ਦੇ ਐਨ.ਜੀ.ਓਜ਼ ਰਾਹੀਂ ਵੀ ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨ।
ਕੋਮਲ ਮਿੱਤਲ ਨੇ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਬੱਚੇ ਪਤੰਗ ਉਡਾਉਣ ਲਈ ਸਿੰਥੈਟਿਕ, ਪਲਾਸਟਿਕ ਨਾਲ ਬਣੀ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ, ਜਿਸ ਨਾਲ ਗਲਾ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਹੋ ਜਾਂਦੀਆਂ ਹਨ ਅਤੇ ਕਈ ਵਾਰ ਇਸ ਡੋਰ ਦੀ ਚਪੇਟ ਵਿਚ ਆ ਕੇ ਦੋਪਹੀਆ ਵਾਹਨ ਚਾਲਕ ਅਕਸਰ ਜਾਨਲੇਵਾ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚਾਈਨਾ ਡੋਰ ਵਿਚ ਪੰਛੀ ਵੀ ਫਸ ਕੇ ਜ਼ਖ਼ਮੀ ਜਾਂ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਮਰੇ ਹੋਏ ਪੰਛੀਆਂ ਦੇ ਪੌਦਿਆਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਚ ਚਾਈਨਾ ਡੋਰ ਦਾ ਇਸਤੇਮਾਲ ਨਾ ਕਰਨ ਅਤੇ ਆਪਣੇ ਬੱਚਿਆਂ ਨੁੰ ਵੀ ਇਸ ਸਬੰਧੀ ਜਾਗਰੂਕ ਕਰਨ। ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।