Total views : 131856
ਅੰਮ੍ਰਿਤਸਰ, 7 ਮਾਰਚ- ( ਸਿਕੰਦਰ ਮਾਨ)- ਪਿਛਲੇ ਸਾਲ 26 ਅਤੇ 27 ਦਸੰਬਰ ਨੂੰ ਭਾਰਤ ਤੋਂ ਰੂਸ ਟੂਰਿਸਟ ਵੀਜੇ ਤੇ ਗਏ ਕਰੀਬ 7 ਤੋਂ 8 ਨੌਜਵਾਨਾਂ ਨੂੰ ਰੂਸੀ ਸੈਨਾ ਵੱਲੋਂ ਫੜ ਕੇ ਰੂਸ-ਯੂਕਰੇਨ ਬਾਰਡਰ ‘ਤੇ ਯੁੱਧ ਲਈ ਭੇਜਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾਜਨਕ ਵਿਸ਼ਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਪੰਜਾਬ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਰੂਸੀ ਫੌਜ ਵੱਲੋਂ ਪਹਿਲਾਂ ਇਨ੍ਹਾਂ ਨੌਜਵਾਨਾਂ ਨੂੰ ਫੜ ਕੇ ਤਸ਼ੱਦਦ ਕੀਤਾ ਗਿਆ ਅਤੇ ਫਿਰ ਟਰੇਂਡ ਕਰਕੇ ਇਨ੍ਹਾਂ ਨੂੰ ਯੂਕਰੇਨ ਨਾਲ ਯੁੱਧ ਲਈ ਭੇਜਿਆ ਜਾਵੇੇਗਾ। ਉਨ੍ਹਾਂ ਦੱਸਿਆ ਇਸ ਸਬੰਧ ਵਿੱਚ ਉਨ੍ਹਾਂ ਦੇ ਮਾਪਿਆਂ ਤੋਂ ਪਤਾ ਲੱਗਾ ਹੈ ਕਿ ਕੁਝ ਹੀ ਦਿਨਾਂ ਵਿੱਚ ਇਨ੍ਹਾਂ ਨੂੰ ਬਾਰਡਰ ‘ਤੇ ਭੇਜ ਦਿੱਤਾ ਜਾਵੇਗਾ। ਸ੍ਰ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਵਿਦੇਸ਼ ਮੰਤਰਾਲਾ ਅਤੇ ਰੂਸ ਵਿੱਚ ਤਾਇਨਾਤ ਭਾਰਤੀ ਹਾਈ ਕਮਿਸ਼ਨ ਨਾਲ ਪੱਤਰ ਵਿਹਾਰ ਕੀਤਾ ਹੈ ਅਤੇ ਜਲਦ ਹੀ ਉਨ੍ਹਾਂ ਨਾਲ ਗੱਲਬਾਤ ਵੀ ਕਰ ਰਹੇ ਹਾਂ।
ਸ੍ਰ. ਧਾਲੀਵਾਲ ਨੇ ਕਿਹਾ ਕਿ ਜਿਥੋਂ ਤੱਕ ਪਤਾ ਲੱਗਾ ਹੈ ਕਿ ਇਹ ਨੌਜਵਾਨ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਹਰਿਆਣਾ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਭਾਰਤ ਦੇ ਵਿਦੇਸ਼ ਮੰਤਰੀ ਨਾਲ ਵੀ ਸੰਪਰਕ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਮਹਿਸੂਸ ਹੋਈ ਤਾਂ ਮੈਂ ਖੁਦ ਵੀ ਦਿੱਲੀ ਜਾ ਕੇ ਗੱਲਬਾਤ ਕਰਕੇ ਇਨ੍ਹਾਂ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਦਾ ਉਪਰਾਲਾ ਕਰਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਦੇ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਇਨ੍ਹਾਂ ਨੌਜਵਾਨਾਂ ਨੂੰ ਬਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।