Total views : 131890
ਤਰਨ ਤਾਰਨ, 24 ਮਾਰਚ -(ਡਾ. ਦਵਿੰਦਰ ਸਿੰਘ)- ਗੈਰ ਕਾਨੂੰਨੀ ਢੰਗ ਨਾਲ ਕੱਢੀ ਸ਼ਰਾਬ ਪੀਣ ਨਾਲ ਹੋਣ ਵਾਲੇ ਨੁਕਸਾਨ ਪ੍ਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆ ਵੱਲੋੋਂ ਮੁਹੱਲਾ ਮੁਰਾਦਪੁਰਾ, ਪੰਡੋਰੀ ਗੋਲਾ ਅਤੇ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੈਰਾ ਮਿਲਟਰੀ ਫੋਰਸ ਸਮੇਤ ਜਾਗਰੂਕਤਾ ਮਾਰਚ ਕੀਤਾ ਗਿਆ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਆਈ. ਏ. ਐੱਸ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਅਤੇ ਐੱਸ. ਪੀ. ਹੈੱਡ ਕੁਆਟਰ ਸ੍ਰੀਮਤੀ ਪਰਵਿੰਦਰ ਕੌਰ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਉਹਨਾਂ ਕਿਹਾ ਕਿ ਇਸ ਜਾਗਰੂਕਤਾ ਮਾਰਚ ਦਾ ਮਕਸਦ ਲੋਕਾਂ ਨੂੰ ਘਰ ਦੀ ਕੱਢੀ ਸ਼ਰਾਬ ਦੀ ਵਰਤੋਂ ਕਰਨ ਤੋਂ ਰੋਕਣ ਦੇ ਨਾਲ-ਨਾਲ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਬਣਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖਤ ਕਾਰਵਾਈ ਕਰਨਾ ਹੈ| ਉਹਨਾਂ ਕਿਹਾ ਕਿ ਅਜਿਹੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਉਣ ਲਈ ਪੁਲਿਸ ਤੇ ਆਬਕਾਰੀ ਵਿਭਾਗ ਨੂੰ ਆਦੇਸ਼ ਦਿੱਤੇ ਗਏ ਹਨ । ਉਹਨਾਂ ਕਿਹਾ ਕਿ ਇਸ ਫਲੈਗ ਮਾਰਚ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ਚ ਪੁਲਿਸ ਦਾ ਖੌਫ ਪੈਦਾ ਕਰਨਾ ਹੈ।
ਉਨ੍ਹਾਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਮਨ ਅਤੇ ਸੁਰੱਖਿਆ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਵੀ ਹਾਲਤ ਵਿੱਚ ਜ਼ਿਲ੍ਹੇ ਵਿੱਚ ਮਾਹੌਲ ਖਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਕਰਨ ਅਤੇ ਭਾਰਤੀ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ।
————-