




Total views : 161400






Total views : 161400ਜਿ਼ਲ੍ਹਾ ਅੰਮ੍ਰਿਤਸਰ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ-
– ਪ੍ਰਤੀ ਕੁਇੰਟਲ 2275 ਰੁਪਏ ਦੇ ਹਿਸਾਬ ਨਾਲ ਹੋਵੇਗੀ ਖਰੀਦ
ਅੰਮ੍ਰਿਤਸਰ, 2 ਅਪ੍ਰੈਲ- ( ਡਾ. ਮਨਜੀਤ ਸਿੰਘ, ਸਿਕੰਦਰ ਮਾਨ) –
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਜਿਸ ਲਈ ਜਿਲ੍ਹੇ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸੰਬੰਧੀ ਅੱਜ ਸ੍ਰੀ ਘਨਸ਼ਾਮ ਥੋਰੀ ਨੇ ਰੱਬੀ ਸੀਜ਼ਨ 2024-25 ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੱਤੀ।
ਉਹਨਾਂ ਨੇ ਦੱਸਿਆ ਕਿ ਜਿਲ੍ਹੇ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਚੰਗੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 49 ਕੁਇੰਟਲ ਦਰਜ ਕੀਤੀ ਗਈ ਸੀ। ਚੱਲਦੇ ਮੌਸਮ ਨੂੰ ਦੇਖਦੇ ਹੋਏ ਸੰਭਾਵਨਾ ਹੈ ਕਿ ਮੰਡੀਆਂ ਵਿਚ ਨਵੀਂ ਕਣਕ ਦੀ ਆਮਦ ਇਕ ਹਫ਼ਤੇ ਤੱਕ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 59 ਮੰਡੀਆਂ ਵਿੱਚ ਅੰਦਾਜ਼ਨ 736011 ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ। ਜਿਸ ਲਈ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੰਸੀਆਂ ਨੂੰ ਬਾਰਦਾਨਾ / ਗੱਠਾਂ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਰੱਬੀ ਸੀਜ਼ਨ 2024-25 ਦੌਰਾਨ ਖਰੀਦ ਦਾ ਸਮਾਂ ਮਿਤੀ 1 ਅਪ੍ਰੈਲ, 2024 ਤੋਂ 31 ਮਈ, 2024 ਤੱਕ ਨਿਰਧਾਰਿਤ ਕੀਤਾ ਹੈ। ਵਿਭਾਗ ਵੱਲੋਂ 2275 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਜਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ: ਸਰਤਾਜ ਸਿੰਘ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜਿਲ੍ਹੇ ਵਿੱਚ ਕਣਕ ਦੀ ਖਰੀਦ ਲਈ 11 ਸਬ ਯਾਰਡ ਅਤੇ 38 ਮੰਡੀਆਂ ਬਣਾਈਆਂ ਗਈਆਂ ਹਨ। ਜਿੰਨਾ ਵਿੱਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਜਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।
ਇਸ ਮੀਟਿੰਗ ਵਿੱਚ ਐਸ.ਡੀ.ਐਮ ਮਨਕੰਵਲ ਚਾਹਲ, ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।







