Total views : 131857
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਖੇਤਾਂ ਤੱਕ ਪੁੱਜੇ ਡਿਪਟੀ ਕਮਿਸ਼ਨਰ ਅਤੇ ਜਿਲਾ ਪੁਲਿਸ ਮੁਖੀ
-ਧਰਤੀ ਤੇ ਵਾਤਾਵਰਣ ਦੀ ਸੰਭਾਲ ਲਈ ਫ਼ਸਲ ਦੀ ਰਹਿੰਦ ਖੂੰਹਦ ਨੂੰ ਨਾ ਲਾਈ ਜਾਵੇ ਅੱਗ
ਅੰਮ੍ਰਿਤਸਰ, 29 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪੱਖੋਂ ਬੇਫ਼ਿਕਰ ਰਹਿਣ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਦੇ ਪੁਖ਼ਤਾ ਪ੍ਰਬੰਧਨ ਪਹਿਲਾਂ ਹੀ ਕਰ ਲਏ ਗਏ ਹਨ। ਇਸ ਮੁੱਦੇ ਉੱਤੇ ਪਿੰਡ ਬੰਡਾਲਾ , ਸਫੀਪੁਰ , ਮਲਕਪੁਰ ਅਤੇ ਤਾਰਾਗੜ੍ਹ ਵਿਖੇ ਕਿਸਾਨਾਂ ਨੂੰ ਮਿਲਣ ਲਈ ਪੁੱਜੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਾਵੁਕਤਾ ਨਾਲ ਮਿਲਦਿਆਂ ਉਨ੍ਹਾਂ ਨੇ ਜਿਥੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਆ ਰਹੀ ਮੁਸ਼ਕਲ ਸਬੰਧੀ ਜਾਣਿਆ ਅਤੇ ਉਥੇ ਹੀ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਮੇਂ ਸਿਰ ਲੋੜੀਂਦੇ ਬੇਲਰ, ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਆਦਿ ਦੇ ਅਗੇਤੇ ਪ੍ਰਬੰਧ ਕੀਤੀ ਹੋਏ ਹਨ।
ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਲੰਘੇ ਵਰ੍ਹੇ ਪਿਛਲੇ ਸਾਲ ਵਿਚ ਪਰਾਲੀ ਨੂੰ ਅੱਗ ਨਹੀਂ ਲਗਾਈ ਉਹ ਕਿਸਾਨ ਧੰਨਵਾਦ ਦੇ ਪਾਤਰ ਹਨ। ਉਹਨਾਂ ਕਿਹਾ ਕਿ ਮੈਨੂੰ ਕਿਸਾਨਾਂ ਤੋਂ ਹੁਣ ਪੂਰੀ ਉਮੀਦ ਹੈ ਕਿ ਉਹ ਇਸ ਵਾਰ ਪਰਾਲੀ ਨੂੰ ਬਿਲਕੁਲ ਹੀ ਅੱਗ ਨਹੀਂ ਲਗਾਉਣਗੇ, ਕਿਉਂਕਿ ਕਿਸਾਨ ਅੰਨਦਾਤਾ ਹੋਣ ਕਰਕੇ ਹਰ ਮਨੁੱਖ ਦੀ ਮੁਢਲੀ ਲੋੜ ਰੋਟੀ ਤੇ ਹੋਰ ਅਨਾਜ ਪੈਦਾ ਕਰਦੇ ਹੋਏ ਸਾਡੇ ਜੀਵਨ ਨਾਲ ਬਹੁਤ ਨੇੜਿਓਂ ਜੁੜੇ ਹੋਏ ਹੁੰਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨ ਆਪਣੀ ਜ਼ਮੀਨ ਦੀ ਕਿਸਮ ਦੇ ਮੁਤਾਬਕ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਵਰਤਦੇ ਹੋਏ ਜਿਥੇ ਪਰਾਲੀ ਨੂੰ ਜ਼ਮੀਨ ‘ਚ ਹੀ ਮਿਲਾਉਣ ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਪੈਲੇਟਸ ਤੇ ਹੋਰ ਵਸਤਾਂ ਬਣਾਉਣ ਦੀ ਇੰਡਸਟਰੀ ਦਾ ਵੀ ਲਾਭ ਲੈਣ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਦੀ ਵਰਤੋਂ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਉਥੇ ਹੀ ਅਸੀ ਵਾਤਾਵਰਣ ਪ੍ਰਦੂਸ਼ਣ ਤੋਂ ਵੀ ਬਚਦੇ ਹਾਂ। ਕਿਉਂਕਿ ਬੱਚੇ, ਬਜ਼ੁਰਗ ਤੇ ਜਵਾਨ ਅਤੇ ਪਸ਼ੂ-ਪੰਛੀਆਂ ਨੂੰ ਵੀ ਪ੍ਰਦੂਸ਼ਣ ਤੋਂ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਕਿਸਾਨਾਂ ਦੀ ਅਗਲੀ ਫ਼ਸਲਾਂ ਬੀਜਣ ਸਮੇਤ ਹੋਰ ਮੁਸ਼ਕਲਾਂ ਤੋਂ ਭਲੀ ਭਾਂਤ ਜਾਣੂ ਹੈ, ਇਸ ਲਈ ਕਿਸਾਨ ਤੇ ਕਿਸਾਨ ਯੂਨੀਅਨਾਂ ਸਾਡਾ ਸਾਥ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਜਿਸ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਕਿਸਾਨ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਨਿੱਜੀ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਸਬੰਧਤ ਵਿਭਾਗਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਦੇ ਫ਼ੋਨ ਨੰਬਰ ਖੁਦ ਨੋਟ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇਗਾ।
ਇਸ ਮੌਕੇ ਜਿਲਾ ਪੁਲਿਸ ਮੁਖੀ ਸ ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਪਰਾਲੀ ਦੀ ਅੱਗ ਨੂੰ ਰੋਕਣ ਲਈ ਕਈ ਸਖਤ ਕਾਨੂੰਨ ਬਣਾਏ ਹਨ ਪਰ ਅਸੀਂ ਭਰਾਵਾਂ ਵਰਗੇ ਕਿਸਾਨਾਂ ਉੱਤੇ ਕੋਈ ਵੀ ਸਖਤੀ ਨਹੀਂ ਕਰਨਾ ਚਾਹੁੰਦੇ , ਸੋ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਦੀ ਬੇਨਤੀ ਮੰਨਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਖੇਤਾਂ ਵਿੱਚ ਵਾਹੁਣ ਜਾਂ ਪਰਾਲੀ ਦੀਆਂ ਗੱਠਾਂ ਬਣਾ ਕੇ ਲੋੜ ਲਈ ਸਾਂਭ ਲੈਣ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਤਜਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਨਾਲ ਸਨ।