Total views : 131857
ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿਆਰੀਆਂ ਉੱਤੇ ਤਸੱਲੀ ਪ੍ਰਗਟਾਈ
– ਕਿਹਾ, ਰਾਜ ਚੋਣ ਕਮਿਸ਼ਨ ਚੋਣਾਂ ਪਾਰਦਰਸ਼ੀ ਅਤੇ ਭੈ ਮੁਕਤ ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ
ਅੰਮ੍ਰਿਤਸਰ, 6 ਅਕਤੂਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਪੰਚਾਇਤ ਚੋਣਾਂ ਸਬੰਧੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਰਕਾਰ ਵਲੋਂ ਅੰਮ੍ਰਿਤਸਰ ਵਿੱਖੇ ਨਿਯੁਕਤ ਕੀਤੇ ਗਏ ਚੋਣ ਆਬਜ਼ਰਵਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਸ਼ਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨਜੀਤ ਕੌਰ, ਐਸ.ਡੀ.ਐਮ. ਅਜਨਾਲਾ ਸ: ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਦੀਪ ਸਿੰਘ, ਐਸ.ਡੀ.ਐਮ. ਅੰਮ੍ਰਿਤਸਰ-2 ਮਨਕੰਵਲ ਸਿੰਘ ਚਾਹਲ, ਡੀ.ਐਸ.ਪੀ. ਸ੍ਰੀ ਸਮਰ ਵਿਨੀਤ , ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਚੋਣ ਅਬਜ਼ਰਵਰ ਸ੍ਰੀ ਸੂਦਨ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭੈਅ ਮੁਕਤ ਮਾਹੌਲ ਵਿੱਚ ਕਰਵਾਈਆਂ ਜਾਣ। ਉਨਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ ਵਿੱਚ ਸ਼ਰਾਰਤੀ ਅਨਸਰਾਂ ਤੇ ਨਕੇਲ ਕੱਸੀ ਜਾਵੇ ਅਤੇ ਇਨਾਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਪੁਖਤਾ ਇੰਤਜ਼ਾਮ ਪਿੰਡ ਪੱਧਰ ਤੱਕ ਹੋਣੇ ਜ਼ਰੂਰੀ ਹਨ। ਉਨਾਂ ਕਿਹਾ ਕਿ ਪੰਚਾਇਤੀ ਚੋਣਾਂ ਚੋਣ ਕਮਿਸ਼ਨ ਵੱਲੋਂ ਵੀ ਪੂਰੇ ਸੂਬੇ ਵਿੱਚ ਚੋਣਾਂ ਨੂੰ ਨਿਰਪੱਖ, ਆਜ਼ਾਦ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 07.10.2024 (ਸੋਮਵਾਰ) ਦੁਪਹਿਰ 03:00 ਵਜੇ ਤੱਕ ਹੈ। ਵੋਟਾਂ 15.10.2024 (ਮੰਗਲਵਾਰ) ਨੂੰ ਬੈਲਟ ਬਕਸਿਆਂ ਰਾਹੀਂ ਸਵੇਰੇ 08.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ। ਪੋਲਿੰਗ ਮੁਕੰਮਲ ਹੋਣ ਉਪਰੰਤ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਚੋਣ ਆਬਜ਼ਰਵਰ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਇਹ ਚੋਣਾਂ ਨੂੰ ਪਾਰਦਰਸ਼ੀ ਅਤੇ ਭੈ ਮੁਕਤ ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਚੋਣਾਂ ਨੂੰ ਠੀਕ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਐਸ.ਐਸ.ਪੀ. ਦਿਹਾਤੀ ਨੇ ਚੋਣ ਅਬਜ਼ਰਵਰ ਨੂੰ ਯਕੀਨ ਦਵਾਇਆ ਕਿ ਪੁਲਿਸ ਵਲੋਂ ਚੋਣਾਂ ਦੌਰਾਨ ਸ਼ਾਤੀ ਕਾਇਮ ਰੱਖਣ ਲਈ ਹਰੇਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵੀ ਮੁਹਿੰਮ ਵਿੱਡੀ ਗਈ ਹੈ।
ਕੈਪਸ਼ਨ- ਚੋਣ ਆਬਜ਼ਰਵਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਪੰਚਾਇਤੀ ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ ਦਿਹਾਤੀ ਸ: ਚਰਨਜੀਤ ਸਿੰਘ
===–