Total views : 131855
ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਲਈਆਂ ਮਸ਼ੀਨਾਂ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ਤੇ ਦਿੱਤੀਆਂ ਜਾਣ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈਸਟ ਦੇ ਅਧਾਰ ਤੇ ਹੀ ਕੀਤੀ ਜਾਵੇ- ਡਾ ਹਰਜਿੰਦਰ ਕੌਰ
ਕਿਹਾ, ਕਿਸਾਨ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈਸਟ ਦੇ ਅਧਾਰ ਤੇ ਪੀ.ਏ.ਯੂ ਜਾਂ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕਰਨ
ਅੰਮ੍ਰਿਤਸਰ 05 ਨਵੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਸਬੰਧੀ ਅਤੇ ਖਾਦਾਂ ਦੀ ਵਰਤੋਂ ਕਰਨ ਸਬੰਧੀ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਤਾਰ ਕਿਸਾਨਾਂ ਨੂੰ ਸਥਾਨਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹੇਠਲੇ ਪੱਧਰ ਉੱਪਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ । ਇਸ ਗੱਲ ਦੀ ਜਾਣਕਾਰੀ ਦਿੰਦਿਆ ਖੇਤੀਬਾੜੀ ਵਿਕਾਸ ਅਫ਼ਸਰ ਡਾ ਹਰਜਿੰਦਰ ਕੌਰ ਨੇ ਦੱਸਿਆ ਕਿ ਸਾਨੂੰ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈਸਟ ਦੇ ਅਧਾਰ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਜਾਂ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕਰਨੀ ਚਾਹੀਦੀ ਹੈ ਤਾਂ ਜੋ ਬੇਲੋੜੀਆਂ ਖਾਦਾ ਦੀ ਵਰਤੋਂ ਘਟਾਈ ਜਾ ਸਕੇ ਅਤੇ ਬੇਲੋੜੇ ਖਰਚ ਤੋਂ ਬਚਾਇਆ ਜਾ ਸਕੇ ।
ਮੁੱਖ ਖੇਤੀਬਾੜੀ ਅਫ਼ਸਰ ਸ: ਤਜਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨਾ, ਆਪਣਾ ਜਮੀਨ ਦੀ ਉਪਜਾਊ ਸ਼ਕਤੀ ਨੂੰ ਸਾੜਨਾ ਹੈ। ਕਿਸਾਨ ਭਰਾ ਅਜਿਹਾ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਜੇਕਰ ਖੇਤ ਵਿਚ ਹੀ ਜਜਬ ਕਰਕੇ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਤਾਂ ਜਮੀਨ ਵਿਚ ਕਾਰਬਨਿਕ ਮਾਦਾ ਵੱਧਦਾ ਹੈ ਅਤੇ ਜਮੀਨ ਦੀ ਤਾਕਤ ਵੱਧਦੀ ਹੈ । ਡਾ. ਸੁਖਚੈਨ ਸਿੰਘ ਖੇਤੀਬਾੜੀ ਅਫ਼ਸਰ ਨੇ ਕਣਕ ਦੀ ਫ਼ਸਲ ਵਿੱਚ ਵੱਡੇ ਪੱਧਰ ਤੇ ਵਰਤੀ ਜਾਂਦੀ ਡੀ.ਏ.ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਕਣਕ ਦੀ ਫ਼ਸਲ ਵਿੱਚ ਡੀ.ਏ.ਪੀ. ਖਾਦ ਮੁੱਖ ਤੌਰ ਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਵਰਤੀ ਜਾਂਦੀ ਹੈ। ਇਸ ਵਿਚ 46 ਫ਼ੀਸਦੀ ਫਾਸਫੋਰਸ ਦੇ ਨਾਲ-ਨਾਲ 18 ਫ਼ੀਸਦੀ ਨਾਈਟ੍ਰੋਜਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਖਾਦ ਦੇ ਬਦਲ ਵੱਜੋ ਕੁਝ ਹੋਰ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ, ਪਰ ਉਨ੍ਹਾਂ ਦੀ ਲੋੜੀਂਦੀ ਮਾਤਰਾ ਡੀ.ਏ.ਪੀ. ਨਾਲੋਂ ਵੱਖਰੀ ਹੋ ਸਕਦੀ ਹੈ। ਇਹੋ ਜਿਹੀ ਇਕ ਖਾਦ ਐਨ.ਪੀ.ਕੇ. (12:32:16) ਹੈ ਜਿਸ ਵਿੱਚ 32 ਫ਼ੀਸਦੀ ਫਾਸਫੋਰਸ, 12 ਫ਼ੀਸਦੀ ਨਾਈਟ੍ਰੋਜਨ ਅਤੇ 16 ਫ਼ੀਸਦੀ ਪੋਟਾਸ਼ੀਅਮ ਤੱਤ ਮੌਜੂਦ ਹੁੰਦੇ ਹਨ। ਇੱਕ ਬੋਰਾ ਡੀ.ਏ.ਪੀ. ਦੀ ਜਗ੍ਹਾ 1.5 ਬੋਰਾ ਐਨ.ਪੀ.ਕੇ. (12:32:16) ਵਰਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਇਸ ਤੋਂ ਇਲਾਵਾ ਸਿੰਗਲ ਸੁਪਰਫਾਸਫੇਟ ਖਾਦ ਦੇ 3 ਬੋਰਿਆਂ ਜਾਂ ਟ੍ਰਿਪਲ ਸੁਪਰਫਾਸਫੇਟ ਖਾਦ ਦੇ ਇੱਕ ਬੋਰੇ ਦੀ ਵਰਤੋਂ ਡੀ.ਏ.ਪੀ. ਖਾਦ ਦੇ ਇੱਕ ਬੋਰੇ ਦੀ ਜਗ੍ਹਾ ਕਰ ਸਕਦੇ ਹਨ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਐਨ.ਪੀ.ਕੇ. (12:32:16), ਡੀ.ਏ.ਪੀ. ਦਾ ਇੱਕ ਬਹੁਤ ਵਧੀਆ ਬਦਲ ਸਾਬਤ ਹੋ ਸਕਦਾ ਹੈ ਕਿਉਂਕਿ ਇਸ ਦੇ 1.5 ਬੋਰੇ ਵਿੱਚ ਡੀ.ਏ.ਪੀ. ਜਿੰਨੇ ਫਾਸਫੋਰਸ ਤੇ ਨਾਈਟ੍ਰੋਜਨ ਤੱਤ ਤਾਂ ਹੁੰਦੇ ਹੀ ਹਨ, ਬਲਕਿ 23 ਕਿਲੋਗ੍ਰਾਮ ਪੋਟਾਸ਼ ਵੀ ਹੁੰਦੀ ਹੈ। ਟ੍ਰਿਪਲ ਸੁਪਰਫਾਸਫੇਟ ਬਾਜ਼ਾਰ ਵਿੱਚ ਉਪਲਬਧ ਇੱਕ ਨਵੀਂ ਖਾਦ ਹੈ ਜਿਸ ਵਿੱਚ ਡੀ.ਏ.ਪੀ. ਦੇ ਬਰਾਬਰ ਫਾਸਫੋਰਸ ਤੱਤ ਦੇ ਨਾਲ-ਨਾਲ ਕੈਲਸ਼ੀਅਮ ਤੱਤ ਵੀ ਮੌਜੂਦ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨ ਸਿੰਗਲ ਸੁਪਰਫਾਸਫੇਟ ਜਾਂ ਟ੍ਰਿਪਲ ਸੁਪਰਫਾਸਫੇਟ ਦੀ ਵਰਤੋਂ ਕਣਕ ਦੀ ਬਿਜਾਈ ਸਮੇਂ ਕਰਦੇ ਹਨ ਤਾਂ ਉਨ੍ਹਾਂ ਨੂੰ 20 ਕਿਲੋ ਯੂਰੀਆ ਪ੍ਰਤੀ ਏਕੜ ਵੀ ਬਿਜਾਈ ਸਮੇਂ ਪਾਉਣਾ ਚਾਹੀਦਾ ਹੈ
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਕਿਸਾਨਾਂ ਨੇ ਵਿਭਾਗ ਦੀ ਸਬਸਿਡੀ ਰਾਹੀਂ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਖਰੀਦ ਕੀਤੀ ਹੈ ਉਹ ਇਹ ਮਸ਼ੀਨਾਂ ਆਪਣੀ ਵਰਤੋਂ ਤੋਂ ਬਾਅਦ ਹੋਰ ਕਿਸਾਨਾਂ ਨੂੰ ਕਿਰਾਏ ਤੇ ਵੀ ਦੇਣ ਤਾਂ ਜੋ ਜਿਆਦਾ ਤੋਂ ਜਿਆਦਾ ਪਰਾਲੀ ਸੰਭਾਲੀ ਜਾ ਸਕੇ ਅਤੇ ਮਸ਼ੀਨਾਂ ਦੀ ਵੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ।
ਫਾਈਲ ਫੋਟੋ ਮੁੱਖ ਖੇਤੀਬਾੜੀ ਅਫ਼ਸਰ ਸ: ਤਜਿੰਦਰ ਸਿੰਘ
==–