ਜ਼ਿਲ੍ਹਾ ਤਰਨ ਤਾਰਨ ਦੇ ਨਵੇਂ ਚੁਣੇ 3839 ਪੰਚਾਂ ਨੂੰ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ 19 ਨਵੰਬਰ ਨੂੰ ਚੁਕਾਉਣਗੇ ਸਹੁੰ

ਖ਼ਬਰ ਸ਼ੇਅਰ ਕਰੋ
035609
Total views : 131856
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਤਰਨਤਾਰਨ, 17 ਨਵੰਬਰ-(ਰਾਕੇਸ਼ ਨਈਅਰ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ 19 ਨਵੰਬਰ ਨੂੰ ਕਰਵਾਏ ਜਾਣ ਵਾਲੇ ਨਵੇਂ ਚੁਣੇ ਪੰਚਾਂ ਦੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਂਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਉਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਸਮਾਗਮ ਦੌਰਾਨ ਜ਼ਿਲੇ ਦੇ 3839 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ। ਉਹਨਾਂ ਦੱਸਿਆ ਕਿ ਜ਼ਿਲਾ ਪੱਧਰੀ ਸਮਾਗਮ ਲਈ ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ।ਉਹਨਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲਾ ਪੱਧਰੀ ਸਮਾਗਮ ਦੌਰਾਨ ਆਉਣ ਵਾਲੇ ਪੰਚਾਂ ਅਤੇ ਉਨਾਂ ਦੇ ਪਰਿਵਾਰਾਂ ਦੇ ਬੈਠਣ ਅਤੇ ਹੋਰ ਸਹੂਲਤਾਂ ਦਾ ਧਿਆਨ ਰੱਖਿਆ ਜਾਵੇ ਅਤੇ ਸਮਾਗਮ ਦੌਰਾਨ ਕਿਸੇ ਵੀ ਧਿਰ ਨੂੰ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ।
ਸ੍ਰੀ ਰਾਹੁਲ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੇ ਸਥਾਨ ‘ਤੇ ਸੁਰੱਖਿਆ ਪ੍ਰਬੰਧ ਕਰਨ, ਨਗਰ ਕੌਂਸਲ ਤਰਨ ਤਾਰਨ ਦੇ ਕਾਰਜ ਸਾਧਕ ਅਫਸਰ ਨੂੰ ਸਮਾਗਮ ਵਾਲੀ ਥਾਂ ਦੀ ਸਾਫ ਸਫਾਈ ਰੱਖਣ,ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲਾ ਪੱਧਰੀ ਸਮਾਗਮ ਦੌਰਾਨ ਆਉਣ ਵਾਲੇ ਪੰਚਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਸ਼ਰਮਾਂ,ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।