Total views : 131852
ਟੋਲ ਪਲਾਜ਼ੇ ‘ਤੇ ਐਮਬੂਲੈਂਸ ਦਾ ਹੋਣਾ ਯਕੀਨੀ ਬਣਾਉਣ ਲਈ ਸਬੰਧਿਤ ਅਥਾਰਿਟੀ ਨੂੰ ਦਿੱਤੇ ਦਿਸ਼ਾ ਨਿਰਦੇਸ਼
ਤਰਨ ਤਾਰਨ, 05 ਦਸੰਬਰ- ਕੈਬਨਿਟ ਮੰਤਰੀ ਪੰਜਾਬ ਸ੍ਰ. ਹਰਭਜਨ ਸਿੰਘ ਈ. ਟੀ. ਓ. ਨੇ ਜ਼ਿਲ੍ਹਾ ਤਰਨ ਤਾਰਨ ਦੇ ਉਸਮਾਂ ਟੋਲ ਪਲਾਜ਼ਾ ਤੇ ਹੋਏ ਐਕਸੀਡੈਂਟ ਨੂੰ ਦੇਖ ਤੁਰੰਤ ਆਪਣਾ ਕਾਫ਼ਲਾ ਰੋਕਦਿਆਂ, ਐਕਸੀਡੈਂਟ ਵਿੱਚ ਜ਼ਖ਼ਮੀ ਪਰਿਵਾਰ ਦੇ ਜੀਆਂ ਨੂੰ ਆਪਣੀ ਐਸਕਾਰਟ ਪਾਇਲਟ ਰਾਹੀਂ ਹਸਪਤਾਲ ਪਹੁੰਚਾਇਆ ਗਿਆ।
ਇਸ ਮੌਕੇ ਉਹਨਾਂ ਸਬੰਧਿਤ ਅਥਾਰਿਟੀ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਹਰ ਇੱਕ ਟੋਲ ਪਲਾਜ਼ੇ ‘ਤੇ ਐਮਬੂਲੈਂਸ ਦਾ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਅਣ-ਸੁਖਾਵੀਂ ਘਟਨਾ ਹੋਣ ‘ਤੇ ਜਲਦੀ ਤੋਂ ਜਲਦੀ ਮੁੱਢਲੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਇਸ ਮੌਕੇ ਉਹਨਾਂ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦੀ ਜਲਦ ਤੰਦਰੁਸਤੀ ਦੀ ਕਾਮਨਾ ਕੀਤੀ।ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨ ਨੰੁ ਸਾਵਧਾਨੀ ਨਾਲ ਚਲਾਇਆ ਜਾਵੇ ਅਤੇ ਆਵਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਕਿਉਂਕਿ ਜਿੰਦਗੀ ਤੋਂ ਵਧਕੇ ਕੋਈ ਚੀਜ਼ ਨਹੀਂ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ ਸੂਬਾਈ ਤੇ ਕੌਮੀ ਸ਼ਾਹਰਾਹਾਂ ਉਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸੁਰੱਖਿਆ ਵਧਾਈ ਜਾ ਸਕੇ।ਉਨ੍ਹਾਂ ਕਿਹਾ ਕਿ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਹ ਫੋਰਸ ਪਿਛਲੇ ਸਾਲ ਦੇ ਮੁਕਾਬਲੇ ਸੜਕ ਹਾਦਸਿਆਂ ਵਿੱਚ ਸੈਂਕੜੇ ਕੀਮਤੀ ਜਾਨਾਂ ਬਚਾਅ ਚੁੱਕੀ ਹੈ।
———-