Total views : 131852
ਬ੍ਰਿਗੇਡੀਅਰ ਵਿਕਰਮਜੀਤ ਸਿੰਘ ਕੋਛੜ ਅਤੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਸਰਕਾਰੀ ਸਕੂਲ ਪੁਰਾਣਾ ਸ਼ਾਲਾ ਤੋਂ ‘ਕਲੀਨ ਐਂਡ ਗਰੀਨ’ ਮੁਹਿੰਮ ਦੀ ਸ਼ੁਰੂਆਤ ਕੀਤੀ
ਤਿੱਬੜੀ ਛਾਉਣੀ ਦੇ ਨਾਲ ਲੱਗਦੇ ਪਿੰਡਾਂ ਵਿੱਚ 90 ਦਿਨ ਚੱਲੇਗੀ ਇਹ ਮੁਹਿੰਮ
ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ‘ਕਲੀਨ ਐਂਡ ਗਰੀਨ’ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਗੁਰਦਾਸਪੁਰ, 11 ਦਸੰਬਰ – ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਸਾਂਝੇ ਤੌਰ ‘ਤੇ ਤਿੱਬੜੀ ਮਿਲਟਰੀ ਸਟੇਸ਼ਨ ਨਾਲ ਲੱਗਦੇ ਪਿੰਡਾਂ ਵਿੱਚ ਵਿਸ਼ੇਸ਼ ਤੌਰ ‘ਤੇ ‘ਕਲੀਨ ਐਂਡ ਗਰੀਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਭਾਰਤੀ ਫ਼ੌਜ ਦੇ ਬ੍ਰਿਗੇਡੀਅਰ ਵਿਕਰਮਜੀਤ ਸਿੰਘ ਕੋਛੜ ਅਤੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਾਣਾ ਸ਼ਾਲਾ ਤੋਂ ਇਸ ‘ਕਲੀਨ ਐਂਡ ਗਰੀਨ’ ਮੁਹਿੰਮ ਦਾ ਅਗਾਜ਼ ਕੀਤਾ ਗਿਆ।
ਕਲੀਨ ਐਂਡ ਗਰੀਨ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਵਿਖੇ ਸਫਾਈ ਅਭਿਆਨ ਚਲਾਇਆ ਗਿਆ ਜਿਸ ਵਿੱਚ ਕੂੜਾ ਪ੍ਰਬੰਧਨ ਅਤੇ ਕਿਚਨ ਗਾਰਡਨ ਸੁਧਾਰਿਆ ਗਿਆ। ਇਸ ਮੌਕੇ ਫ਼ੌਜ ਦੇ ਸੀਨੀਅਰ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਫ਼ੌਜ ਤੇ ਸਿਵਲ ਅਧਿਕਾਰੀਆਂ ਵੱਲੋਂ ਸਕੂਲ ਵਿੱਚ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਾ-ਭਰਾ ਬਣਾਉਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਕੂਲ ਵਿੱਚ ਜੰਗਲਾਤ ਵਿਭਾਗ, ਸਿਹਤ ਵਿਭਾਗ, ਪੰਚਾਇਤ ਵਿਭਾਗ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਟਾਲ ਲਗਾ ਕੇ ਲੋਕਾਂ ਨੂੰ ਆਪਣੇ ਚੌਗਿਰਦੇ ਨੂੰ ਕਲੀਨ ਅਤੇ ਗਰੀਨ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਕਲੀਨ ਐਂਡ ਗਰੀਨ ਮੁਹਿੰਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਜਿਸ ਵਿੱਚ ਲੈਕਚਰਾਰ ਹਰਪ੍ਰੀਤ ਸਿੰਘ ਅਤੇ ਗੁਰਸ਼ਰਨ ਸਿੰਘ ਨੇ ਕੂੜੇ ਦੇ ਪ੍ਰਬੰਧਨ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਮਾਹਿਰਾਂ ਨੇ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਾਰੇ ਮਿਲ ਕੇ ਆਪਣੇ ਚੌਗਿਰਦੇ ਨੂੰ ਸਾਫ਼-ਸੁਥਰਾ ਬਣਾ ਸਕਦੇ ਹਨ।
ਇਸ ਮੌਕੇ ਭਾਰਤੀ ਫ਼ੌਜ ਦੇ ਬ੍ਰਿਗੇਡੀਅਰ ਵਿਕਰਮਜੀਤ ਸਿੰਘ ਕੋਛੜ ਨੇ ਦੱਸਿਆ ਕਿ ਤਿੱਬੜੀ ਮਿਲਟਰੀ ਸਟੇਸ਼ਨ ਦੇ 5 ਕਿਲੋਮੀਟਰ ਦੇ ਦਾਇਰੇ ਵਿੱਚ ਪੈਂਦੇ ਪਿੰਡਾਂ ਨੂੰ ਕਲੀਨ ਐਂਡ ਗਰੀਨ ਮੁਹਿੰਮ ਤਹਿਤ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਾਣਾ ਸ਼ਾਲਾ ਤੋਂ ਸ਼ੁਰੂ ਕੀਤੀ ਗਈ ਹੈ ਜੋ ਅਗਲੇ 90 ਦਿਨਾਂ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕਲੀਨ ਐਂਡ ਗਰੀਨ (ਸਵੱਛ ਅਤੇ ਹਰਿਆਲ)’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਪਿੰਡਾਂ ਦੇ ਵਸਨੀਕਾਂ ਨੂੰ ਸ਼ਾਮਲ ਕਰਕੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਰੁੱਖ ਲਗਾਉਣ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਸਾਡਾ ਵਾਤਾਵਰਨ ਹਰਿਆ ਭਰਿਆ ਹੋ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਭਾਰਤੀ ਫ਼ੌਜ ਜਿੱਥੇ ਆਪਣੀ ਬਹਾਦਰੀ ਨਾਲ ਸਾਡੇ ਦੇਸ਼ ਨੂੰ ਦੁਸ਼ਮਣਾਂ ਤੋਂ ਮਹਿਫ਼ੂਜ਼ ਰੱਖਦੀ ਹੈ ਓਥੇ ਫ਼ੌਜ ਦੇ ਜਵਾਨਾਂ ਵੱਲੋਂ ਕਲੀਨ ਐਂਡ ਗਰੀਨ ਮੁਹਿੰਮ ਰਾਹੀਂ ਆਪਣੇ ਚੌਗਿਰਦੇ ਦੀ ਸੰਭਾਲ ਵਿੱਚ ਵੀ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਰਤੀ ਫ਼ੌਜ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਇਸ ਉੱਦਮ ਲਈ ਧੰਨਵਾਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫ਼ੌਜ ਦੇ ਇਸ ਨੇਕ ਕਾਰਜ ਵਿੱਚ ਪੂਰੀ ਤਰ੍ਹਾਂ ਸਹਿਯੋਗ ਕੀਤਾ ਜਾਵੇਗਾ ਤਾਂ ਜੋ ਇਹ ਮੁਹਿੰਮ ਪੂਰੀ ਤਰ੍ਹਾਂ ਸਫਲ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਸਕੂਲੀ ਵਿਦਿਆਰਥੀਆਂ ਅਤੇ ਇਕੱਤਰ ਹੋਏ ਇਲਾਕੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਕੂੜੇ ਦਾ ਪ੍ਰਬੰਧਨ ਵੱਡੀ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਆਪਣੇ ਘਰਾਂ ਵਿੱਚ ਸੁੱਕੇ ਤੇ ਗਿੱਲੇ ਕੂੜੇ ਨੂੰ ਵੱਖ-ਵੱਖ ਇਕੱਤਰ ਕਰਨਾ ਸ਼ੁਰੂ ਕਰ ਦੇਣ ਤਾਂ ਇਸ ਨਾਲ ਕੂੜੇ ਦਾ ਵਿਗਿਆਨਿਕ ਢੰਗ ਨਿਪਟਾਰਾ ਅਸਾਨੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰ ਹੀ ਗਿੱਲੇ ਕੂੜੇ ਤੋਂ ਖਾਦ ਤਿਆਰ ਕਰ ਸਕਦੇ ਹਨ ਜਦਕਿ ਸੁੱਕੇ ਕੂੜੇ ਨੂੰ ਕਬਾੜ ਵਿੱਚ ਵੇਚ ਕੇ ਉਸ ਤੋਂ ਆਮਦਨ ਕਮਾਈ ਜਾ ਸਕਦੀ ਹੈ। ਇਸ ਮੌਕੇ ਉਨ੍ਹਾਂ ਤਿੱਬੜੀ ਛਾਉਣੀ ਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਭਾਰਤੀ ਫ਼ੌਜ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਸਾਂਝੀ ‘ਕਲੀਨ ਐਂਡ ਗਰੀਨ’ ਮੁਹਿੰਮ ਵਿੱਚ ਆਪਣਾ ਪੂਰਾ ਸਾਥ ਦੇਣ ਤਾਂ ਜੋ ਅਸੀਂ ਸਾਰੇ ਮਿਲ ਕੇ ਆਪਣੇ ਚੌਗਿਰਦੇ ਨੂੰ ਸਾਫ਼-ਸੁਥਰਾ ਤੇ ਹਰਾ-ਭਰਾ ਬਣਾਉਣ ਤੋਂ ਇਲਾਵਾ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਵਿੱਚ ਆਪਣਾ ਯੋਗਦਾਨ ਪਾ ਸਕੀਏ।
ਇਸ ਤੋਂ ਪਹਿਲਾਂ ਪੁਰਾਣਾ ਸ਼ਾਲਾ ਸਕੂਲ ਵਿੱਚ ਵਿਦਿਆਰਥੀਆਂ ਦੇ ਕਲੀਨ ਐਂਡ ਗਰੀਨ ਮੁਹਿੰਮ ਸਬੰਧੀ ਪੇਂਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਨਿੱਕੀਆਂ-ਨਿੱਕੀਆਂ ਬਾਲੜੀਆਂ ਵੱਲੋਂ ਗਿੱਧੇ ਦੀ ਖ਼ੂਬਸੂਰਤ ਪੇਸ਼ਕਾਰੀ ਕਰਕੇ ਸਭ ਦਾ ਦਿਲ ਜਿੱਤ ਲਿਆ। ਭਾਰਤੀ ਫ਼ੌਜ ਦੇ ਜਵਾਨਾਂ ਦੀ ਬੈਂਡ ਟੀਮ ਨੇ ਮਧੁਰ ਧੁਨਾਂ ਵਜਾ ਕੇ ਮਾਹੌਲ ਨੂੰ ਸੰਗੀਤਮਈ ਬਣਾ ਦਿੱਤਾ।
ਇਸ ਮੌਕੇ ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ ਦੇ ਅਧਿਕਾਰੀਆਂ ਤੋਂ ਇਲਾਵਾ ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਡੀ.ਡੀ.ਪੀ.ਓ. ਗੁਰਪ੍ਰੀਤ ਸਿੰਘ ਭੁੱਲਰ, ਸਿਹਤ ਵਿਭਾਗ ਤੋਂ ਡਾ. ਪ੍ਰਭਜੋਤ ਕੌਰ ਕਲਸੀ, ਸਕੂਲ ਪ੍ਰਿੰਸੀਪਲ ਬਲਜਿੰਦਰ ਕੌਰ, ਸਰਪੰਚ ਪੁਰਾਣਾ ਸ਼ਾਲਾ ਬਲਜੀਤ ਸਿੰਘ, ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਇਲਾਕੇ ਦੇ ਮੋਹਤਬਰ ਵੀ ਹਾਜ਼ਰ ਸਨ।