




Total views : 137366







ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੀ ਕੀਤੀ ਸਰਾਹਨਾ-
ਡਾ: ਕੁੰਵਰ ਨੇ ਨਗਰ ਨਿਗਮ ਦੇ ਕੰਮਾਂ ਦੀ ਕੀਤੀ ਸਮੀਖਿਆ
ਅੰਮ੍ਰਿਤਸਰ, 4 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ ਅਤੇ ਕੂੜੇ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਇਸ ਦਾ ਠੋਸ ਹੱਲ ਕੀਤਾ ਜਾਵੇ। ਸ੍ਰ ਔਜਲਾ ਨੇ ਮੀਟਿੰਗ ਦੌਰਾਨ ਸ਼ਹਿਰ ਦੀਆਂ ਵੱਖ ਵਖ ਸਮੱਸਿਆਵਾਂ ਨੂੰ ਜਿਲ੍ਹਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਉਂਦੇ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇ।
ਮੈਂਬਰ ਪਾਰਲੀਮੈਂਟ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਜੋਰ ਦੇ ਕੇ ਕਿਹਾ ਕਿ ਸਟਰੀਟ ਲਾਈਟਾਂ ਜੋ ਬੰਦ ਪਈਆਂ ਹਨ ਨੂੰ ਤੁਰੰਤ ਚਾਲੂ ਕੀਤਾ ਜਾਵੇ ਅਤੇ ਸੜਕਾਂ ਤੋਂ ਨਜਾਇਜ ਕਬਜੇ ਹਟਾਏ ਜਾਣ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਰਣਜੀਤ ਐਵੀਨਿਊ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਨਜਾਇਜ ਰੇਹੜੀਆਂ ਲੱਗੀਆਂ ਹੋਈਆਂ ਹਨ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਰਣਜੀਤ ਐਵੀਨਿਊ ਦੇ ਲੋਕਾਂ ਵੱਲੋਂ ਇਹ ਮੁੱਦਾ ਬੜੀ ਜੋਰ ਸ਼ੋਰ ਨਾਲ ਉਠਾਇਆ ਜਾ ਰਿਹਾ ਹੈ ਕਿ ਉਥੇ ਬਣੇ ਕੂੜੇ ਦੇ ਡੰਪ ਕਰਕੇ ਕਾਫੀ ਬਿਮਾਰੀਆਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਡੰਪ ਨੂੰ ਇਥੇ ਹਟਾਉਣ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ।
ਸ੍ਰ ਔਜਲਾ ਨੇ ਨੈਸ਼ਨਲ ਹਾਈਵੇ ਲਈ ਅਕਵਾਈਰ ਕੀਤੀਆਂ ਜਮੀਨਾਂ ਦਾ ਯੋਗ ਮੁਆਵਜ਼ਾ ਕਿਸਾਨਾਂ ਨੂੰ ਤੁਰੰਤ ਰਲੀਜ ਕਰਨ ਦੀ ਵੀ ਹਦਾਇਤ ਕੀਤੀ ਅਤੇ ਕਿਹਾ ਕਿ ਨੈਸ਼ਨਲ ਹਾਈਵੇ ਦੇ ਚੱਲ ਰਹੇ ਪ੍ਰਾਜੈਕਟਾਂ ਦੇ ਆਲੇ ਦੁਆਲੇ ਸਾਈਨ ਬੋਰਡ ਜਰੂਰ ਲਗਾਏ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਸ੍ਰ ਔਜਲਾ ਨੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਮੁੰਹਿਮ ਕਾਫੀ ਕਾਰਗਰ ਸਾਬਤ ਹੋਵੇਗੀ ਅਤੇ ਨਸ਼ਾ ਵੇਚਣ ਵਾਲੇ ਪੁਲਿਸ ਦੀ ਗ੍ਰਿਫਤ ਤੋਂ ਬਚ ਨਹੀਂ ਸਕਣਗੇ। ਸ ਔਜਲਾ ਨੇ ਮੀਟਿੰਗ ਦੌਰਾਨ ਨੈਸ਼ਨਲ ਹੈਲਥ ਮਿਸ਼ਨ, ਸਵੱਛ ਭਾਰਤ ਮਿਸ਼ਨ,ਆਜੀਵਕਾ ਮਿਸ਼ਨ, ਪ੍ਰਧਾਨ ਕੌਸ਼ਲ ਵਿਕਾਸ ਯੋਜਨਾ, ਸਾਇਲ ਹੈਲਥ ਕਾਰਡ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਬੇਟੀ ਬਚਾਓ-ਬੇਟੀ ਪੜਾਓ ਅਤੇ ਹੋਰ ਵੱਖ ਵੱਖ ਚੱਲ ਰਹੀਆਂ ਸਕੀਮਾਂ ਦਾ ਜਾਇਜਾ ਵੀ ਲਿਆ।
ਮੀਟਿੰਗ ਦੌਰਾਨ ਵਿਧਾਇਕ ਡਾ: ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਨਗਰ ਨਿਗਮ ਦੇ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਜੋ ਵੀ ਪ੍ਰਾਜੈਕਟ ਚੱਲ ਰਹੇ ਹਨ ਉਹ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਇਨ੍ਹਾਂ ਪ੍ਰਾਜੈਕਟਾਂ ਦੀ ਸਾਰੀ ਜਾਣਾਕਰੀ ਸਾਨੂੰ ਵੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਪੀ:ਸੀ:ਆਰ ਦੀ ਗਸ਼ਤ ਨੂੰ ਵਧਾਇਆ ਜਾਵੇ ਤਾਂ ਜੋ ਸਨੈਚਿੰਗ ਦੇ ਕੇਸਾਂ ਤੇ ਲਗਾਮ ਲਗਾਈ ਜਾ ਸਕੇ।
ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਕਾਫੀ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਹੁਣ ਖੁਦ ਨਸ਼ਾ ਤਸਕਰਾਂ ਪ੍ਰਤੀ ਪੁਲਿਸ ਨੂੰ ਜਾਣਕਾਰੀ ਦੇ ਰਹੇ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਸੀਂ ਬੀ:ਐਸ:ਐਫ ਨਾਲ ਮਿਲ ਕੇ ਬਾਰਡਰ ਪਾਰ ਤੋਂ ਹੋ ਰਹੀ ਤਸਕਰੀ ਨੂੰ ਰੋਕਣ ਦੇ ਉਪਰਾਲੇ ਕਰ ਰਹੇ ਹਾਂ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਮਿਸ਼ਨਰ ਨਗਰ ਨਿਗਮ ਸ੍ਰੀ ਗੁਲਪ੍ਰੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੀ ਨਵੀਂ ਬਾਡੀ ਹੌਂਦ ਵਿੱਚ ਆ ਚੁੱਕੀ ਅਤੇ ਅਸੀਂ ਸਮੂਹ ਕੌਂਸਲਰਾਂ ਨਾਲ ਮਿਲ ਕੇ ਸ਼ਹਿਰ ਵਿੱਚ ਬਦਲਾਅ ਲਿਆਉਣ ਲਈ ਵਚਨਬੱਧ ਹਾਂ।
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਮੇਟੀ ਮੈਂਬਰਾਂ ਵਲੋਂ ਉਠਾਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦੇ ਕੰਮਾਂ ਨੂੰ ਨਿਸਚਿਤ ਸਮੇਂ ਵਿੱਚ ਪੂਰੇ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜੋ ਵੀ ਅਧਿਕਾਰੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਕਰੇਗਾ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ, ਐਕਸੀਅਨ ਪ੍ਰਦੂਸ਼ਣ ਬੋਰਡ ਸ੍ਰੀ ਸੁਖਦੇਵ ਸਿੰਘ, ਐਸ:ਈ ਨਗਰ ਨਿਗਮ ਸ੍ਰ ਸੰਦੀਪ ਸਿੰਘ, ਜਿਲ੍ਹਾ ਮੰਡੀ ਅਫਸਰ ਸ੍ਰ ਅਮਨਦੀਪ ਸਿੰਘ, ਏ:ਡੀ:ਸੀ:ਪੀ ਸ੍ਰ ਜਗਜੀਤ ਸਿੰਘ ਵਾਲੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।






