ਅਗਾਂਹਵਧੂ ਕਿਸਾਨਾਂ ਨੂੰ ਦਿੱਤੇ ਜਾਣਗੇ ਕਿਸਾਨ ਤਰਜੀਹ ਕਾਰਡ ਜੀਰੋ ਬਰਨਿੰਗ ਪਿੰਡਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਵਿੱਤੀ ਸਹਾਇਤਾ- ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
045020
Total views : 151686

ਜਿਲ੍ਹਾ ਪ੍ਰਸਾਸ਼ਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਤੇ ਸਰਕਾਰੀ ਦਵਾਰੇ ਕੰਮ ਹੋਣਗੇ ਪਹਿਲ ਦੇ ਅਧਾਰ ਤੇ –ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 18 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕਿਸਾਨ ਤਰਜੀਹ ਕਾਰਡ ਦਿੱਤੇ ਜਾਣਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਜਿੰਨਾਂ ਨੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਹੀਂ ਸੀ ਲਗਾਈ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਤੁਸੀ ਸਾਡੇ ਹੀਰੋਜ਼ ਹੋ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਇਕ ਮਿਸਾਲ ਕਾਇਮ ਕਰ ਰਹੇ ਹੋ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਸਾਸ਼ਨ ਵੱਲੋਂ ਤੁਹਾਨੂੰ ਕਿਸਾਨ ਤਰਜੀਹ ਕਾਰਡ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਿਸਾਨ ਤਰਜੀਹ ਕਾਰਡ ਸੇਵਾ ਕੇਂਦਰਾਂ, ਫਰਦ ਕੇਂਦਰ ਅਤੇ ਹੋਰ ਸਰਕਾਰੀ ਕੰਮਾਂ ਲਈ ਤੁਹਾਡੇ ਵੱਲੋਂ ਵਰਤੇ ਜਾ ਸਕਣਗੇ ਜਿਥੇ ਤੁਹਾਡੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਦਫਤਰਾਂ ਵਿੱਚ ਤੁਹਾਡੀ ਪਾਰਕਿੰਗ ਮੁਫ਼ਤ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਜੀਰੋ ਬਰਨਿੰਗ ਪਿੰਡਾਂ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਜਾਵੇਗਾ।
ਸ੍ਰੀਮਤੀ ਸਾਹਨੀ ਨੇ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਖੇਤੀ ਸੰਦ ਵੇਚਣ ਵਾਲੀਆਂ ਪ੍ਰਾਈਵੇਟ ਕੰਪਨੀਆਂ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਕੰਪਨੀਆਂ ਨੂੰ ਕਿਹਾ ਜਾਵੇਗਾ ਕਿ ਜਿਹੜੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਉਨ੍ਹਾਂ ਨੂੰ ਖੇਤੀ ਸੰਦਾਂ ਤੇ ਛੋਟ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤੋਂ ਇਲਾਵਾ ਹੋਰ ਵੀ ਨਿੱਜੀ ਖੇਤਰ ਦੀਆਂ ਕੰਪਨੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਜੋ ਅਗਾਂਹਵਧੂ ਕਿਸਾਨਾਂ ਨੂੰ ਆਪਣੇ ਸਮਾਨ ਤੇ ਛੋਟ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਕਰਵਾਏ ਜਾਂਦੇ ਸਮਾਗਮਾਂ ਵਿੱਚ ਵੀ ਵਿਸ਼ੇਸ਼ ਸੱਦਾ ਪੱਤਰ ਦਿੱਤੇ ਭੇਜੇ ਜਾਣਗੇ ਤਾਂ ਜੋ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰ ਸਕਣ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਧਿਕਾਰੀ ਸ੍ਰ ਬਲਜਿੰਦਰ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਸ਼ੋਸ਼ਲ ਮੀਡੀਆ ਤੇ ਚੱਲ ਰਹੀਆਂ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਕੇਵਲ ਖੇਤੀਬਾੜੀ ਯੂਨੀਵਰਸਿਟੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ।