ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

ਖ਼ਬਰ ਸ਼ੇਅਰ ਕਰੋ
035632
Total views : 131887

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ
ਲੁਧਿਆਣਾ, 8 ਜਨਵਰੀ — ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ।

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ।

ਸਥਾਨਕ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਨੂੰ ਮਨਾਉਣ ਲਈ ਇਹ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਪੰਜਾਬ ਪੁਲਿਸ ਅਤੇ ਐਨ.ਸੀ.ਸੀ. ਦੀਆਂ ਵੱਖ-ਵੱਖ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਸੱਭਿਆਚਾਰਕ ਝਲਕੀਆਂ ਬਾਰੇ ਫੈਸਲਾ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।

ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਸਹੂਲਤਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਸਮਾਗਮ ਦੌਰਾਨ ਲੋਕਾਂ ਦੀ ਸਹੂਲਤ ਲਈ ਦਵਾਈਆਂ ਦੇ ਨਾਲ ਮੈਡੀਕਲ ਟੀਮਾਂ ਅਤੇ ਇੱਕ ਸਥਾਈ ਐਂਬੂਲੈਂਸ ਤਾਇਨਾਤ ਕਰਨ ਲਈ ਕਿਹਾ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਗਣਤੰਤਰ ਦਿਵਸ ਸਮਾਰੋਹ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਅਧਿਕਾਰੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਸਿੰਘ, ਵਧੀਕ ਮੁੱਖ ਪ੍ਰਸ਼ਾਸ਼ਕ ਗਲਾਡਾ ਅਮਰਜੀਤ ਬੈਂਸ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਕੁਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

——