




Total views : 161400






Total views : 161400ਚੰਡੀਗੜ੍ਹ, 08 ਜਨਵਰੀ– ਪੰਜਾਬ ਸਰਕਾਰ ਵੱਲੋਂ ਆਪਣੇ ਮੰਤਰੀਆਂ ਨੂੰ ਨਵੀਆਂ ਕਾਰਾਂ ਦਿਤੀਆਂ ਗਈਆਂ ਹਨ। ਪਹਿਲੀ ਵਾਰ 10 ਮੰਤਰੀਆਂ ਨੂੰ ਇਕ-ਇਕ ਇਨੋਵਾ ਕ੍ਰਿਸਟਾ ਅਤੇ ਬੋਲੈਰੋ ਟਾਪ ਮਾਡਲ ਕਾਰਾਂ ਦਿਤੀਆਂ ਗਈਆਂ ਹਨ।
ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵਲੋਂ 20 ਵਾਹਨ ਖਰੀਦੇ ਗਏ ਹਨ। ਹਾਲਾਂਕਿ ਵਿਰੋਧੀ ਪਾਰਟੀਆਂ ਕਾਰਾਂ ਖਰੀਦਣ ਦੇ ਮੁੱਦੇ ‘ਤੇ ਸਰਕਾਰ ‘ਤੇ ਸਵਾਲ ਚੁੱਕ ਰਹੀਆਂ ਹਨ। ਸਰਕਾਰ ਦਾ ਤਰਕ ਹੈ ਕਿ ਮੰਤਰੀਆਂ ਕੋਲ ਪੁਰਾਣੀਆਂ ਗੱਡੀਆਂ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀਆਂ ਪੁਰਾਣੀਆਂ ਗੱਡੀਆਂ ਨੂੰ ਕੰਡਮ ਨਹੀਂ ਐਲਾਨਿਆ ਗਿਆ, ਸਗੋਂ ਇਨ੍ਹਾਂ ਦਾ ਇਸਤੇਮਾਲ ਵਿਭਾਗੀ ਅਫਸਰ ਕਰਨਗੇ।
ਸੂਤਰਾਂ ਅਨੁਸਾਰ ਇਹ 10 ਗੱਡੀਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਬ੍ਰਹਮਸ਼ੰਕਰ ਜਿੰਪਾ, ਚੇਤਨ ਸਿੰਘ ਜੌੜਾਮਾਜਰਾ, ਡਾ. ਬਲਬੀਰ ਸਿੰਘ, ਬਲਕਾਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਅਲਾਟ ਕੀਤੀਆਂ ਗਈਆਂ ਹਨ। ਮੰਤਰੀਆਂ ਨੂੰ ਸਟਾਫ ਕਾਰ ਵਜੋਂ ਇਨੋਵਾ ਕ੍ਰਿਸਟਾ ਅਤੇ ਸੁਰੱਖਿਆ ਸਟਾਫ਼ ਨੂੰ ਬੋਲੈਰੋ ਗੱਡੀ ਦਿੱਤੀ ਗਈ ਹੈ। ਇਹ ਗੱਡੀਆਂ ਕੁੱਝ ਮੰਤਰੀਆਂ ਨੂੰ ਪਹੁੰਚਾ ਦਿਤੀਆਂ ਗਈਆਂ ਹਨ, ਜਦੋਕਿ ਕੁੱਝ ਹੋਰਾਂ ਨੂੰ ਪਹੁੰਚਾਉਣ ਦਾ ਕੰਮ ਅੰਤਿਮ ਪੜਾਅ ‘ਤੇ ਹੈ।
ਜਾਣਕਾਰੀ ਅਨੁਸਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਪਹਿਲਾਂ ਹੀ ਫਾਰਚੂਨਰ ਕਾਰਾਂ ਦਿਤੀਆਂ ਗਈਆਂ ਸਨ। ਜਦੋਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਅਨਮੋਲ ਗਗਨ ਮਾਨ ਆਪਣੀਆਂ ਨਿੱਜੀ ਕਾਰਾਂ ਦੀ ਵਰਤੋਂ ਕਰਦੇ ਹਨ।
ਦੋ ਸਾਲ ਪਹਿਲਾਂ ਪੰਜਾਬ ਸਰਕਾਰ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਗੱਡੀਆਂ ਦੇਣ ਲਈ 18 ਕਰੋੜ ਰੁਪਏ ਦਾ ਪ੍ਰਸਤਾਵ ਪਾਸ ਕੀਤਾ ਸੀ। ਇਸ ਵਿਚ ਮੰਤਰੀਆਂ ਨੂੰ ਫਾਰਚੂਨਰ ਗੱਡੀਆਂ ਅਤੇ ਵਿਧਾਇਕਾਂ ਨੂੰ ਇਨੋਵਾ ਕ੍ਰਿਸਟਾ ਗੱਡੀਆਂ ਦਿੱਤੀਆਂ ਜਾਣੀਆਂ ਸਨ। ਹਾਲਾਂਕਿ ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰਾਜੈਕਟ ਨੂੰ ਰੱਦ ਕਰ ਦਿਤਾ ਸੀ। ਇਸ ਦੇ ਨਾਲ ਹੀ ਹੁਣ ਵਾਹਨਾਂ ਨੇ ਵੀ ਜਵਾਬ ਦੇਣਾ ਸ਼ੁਰੂ ਕਰ ਦਿਤਾ ਹੈ। ਇਸ ਤੋਂ ਇਲਾਵਾ ਇਨ੍ਹਾਂ ਦੀ ਮੁਰੰਮਤ ਅਤੇ ਹੋਰ ਖਰਚੇ ਵੀ ਵਧ ਗਏ ਹਨ। ਅਜਿਹੇ ‘ਚ ਸਰਕਾਰ ਨੇ ਇਸ ਦਿਸ਼ਾ ‘ਚ ਕਦਮ ਚੁੱਕੇ ਹਨ।







