




Total views : 160051






Total views : 160051ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ‘ ਤੇ ਕੀਤੀ ਚਰਚਾ , ਕਈ ਸਮਸਿਆਵਾਂ ਦਾ ਮੌਕੇ ‘ ਤੇ ਕੀਤਾ ਨਿਪਟਾਰਾ-
ਅੰਮ੍ਰਿਤਸਰ, 17 ਨਵੰਬਰ-(ਡਾ. ਮਨਜੀਤ ਸਿੰਘ)- ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਤਿੰਦਰ ਮਸੀਹ ਗੌਰਵ ਦੀ ਅਗਵਾਈ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਅੰਮ੍ਰਿਤਸਰ ਨਾਲ ਲੱਗਦੇ ਪਿੰਡਾਂ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮਾਜਿਕ, ਧਾਰਮਿਕ ਅਤੇ ਪ੍ਰਸ਼ਾਸਕੀ ਸਮੱਸਿਆਵਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਸ ਮੀਟਿੰਗ ਵਿੱਚ ਖ਼ਾਸ ਤੌਰ ’ਤੇ ਕਬਰਸਤਾਨਾਂ ਨਾਲ ਜੁੜੀਆਂ ਸਮੱਸਿਆਵਾਂ, ਉਨ੍ਹਾਂ ਦੀ ਰਖਰਖਾਵ, ਜਗ੍ਹਾ ਦੀ ਘਾਟ ਅਤੇ ਪ੍ਰਸ਼ਾਸਨ ਵੱਲੋਂ ਮਿਲ ਰਹੀ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਈ ਪ੍ਰਤਿਨਿਧੀਆਂ ਨੇ ਇਸ ਗੱਲ ’ਤੇ ਚਿੰਤਾ ਜਤਾਈ ਕਿ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਘਟ ਗਿਣਤੀ ਭਾਈਚਾਰੇ ਲਈ ਕਬਰਸਤਾਨਾਂ ਦੀ ਉਚਿਤ ਸਹੂਲਤ ਨਹੀਂ ਹੈ, ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਚੇਅਰਮੈਨ ਨੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੂੰ ਕਿਹਾ ਕਿ ਜਿੰਨਾਂ ਪਿੰਡਾਂ ਵਿੱਚ ਘੱਟ ਗਿਣਤੀ ਭਾਈਚਾਰੇ ਲਈ ਕਬਰਿਸਤਾਨ ਨਹੀਂ ਹਨ ਉਥੇ ਸ਼ਾਮਲਾਟ ਜਮੀਨਾਂ ਤੇ ਬਣਾ ਦਿੱਤੇ ਜਾਣ। ਉਨ੍ਹਾਂ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਲਈ ਸਰਕਾਰ ਵੱਲੋਂ ਜੋ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਦਾ ਲਾਭ ਵਿਦਿਆਰਥੀਆਂ ਨੂੰ ਜਰੂਰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਸਕੀਮ ਅਧੀਨ ਕੋਈ ਵੀ ਵਿਦਿਆਰਥੀ ਵਾਂਝਾ ਨਹੀਂ ਰਹਿਣਾ ਚਾਹੀਦਾ।
ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਇਸ ਮੌਕੇ ’ਤੇ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਸਹੂਲਤਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਘਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਹਰੇਕ ਸਮੱਸਿਆ ਨੂੰ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਢੁਕਵੇਂ ਕਦਮ ਚੁੱਕੇ ਜਾਣਗੇ। ਚੇਅਰਮੈਨ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਵਿੱਚ ਜਿਥੇ ਘੱਟ ਭਾਈਚਾਰੇ ਦੇ ਲੋਕਾਂ ਨੂੰ ਕੋਈ ਖਤਰਾ ਹੈ ਉਥੇ ਪੁਲਿਸ ਦੀ ਗਸਤ ਨੂੰ ਵਧਾਇਆ ਜਾਵੇ ਅਤੇ ਇਸ ਧਿਆਨ ਵਿੱਚ ਰੱਖਿਆ ਇਨ੍ਹਾਂ ਨਾਲ ਕੋਈ ਬੇਇਨਸਾਫੀ ਨਾ ਹੋਵੇ।
ਚੇਅਰਮੈਨ ਨੇ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਘੱਟ ਗਿਣਤੀ ਭਾਈਚਾਰੇ ਦੀਆਂ ਅਸਲ ਸਮੱਸਿਆਵਾਂ ਦੀ ਪਛਾਣ ਹੋ ਸਕਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਸਰਕਾਰੀ ਪੱਧਰ ’ਤੇ ਪ੍ਰਭਾਵਸ਼ਾਲੀ ਨੀਤੀਆਂ ਬਣਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਦਾ ਮਕਸਦ ਸਿਰਫ਼ ਸੁਣਨਾ ਨਹੀਂ, ਬਲਕਿ ਕਾਰਵਾਈ ਕਰਨਾ ਹੈ ਤਾਂ ਜੋ ਹਰ ਧਾਰਮਿਕ ਭਾਈਚਾਰਾ ਆਪਣੇ ਅਧਿਕਾਰਾਂ ਨਾਲ ਗੌਰਵਮਈ ਜੀਵਨ ਬਤੀਤ ਕਰ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਦਲਵਿੰਦਰਜੀਤ ਸਿੰਘ ਨੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਘੱਟ ਗਿਣਤੀ ਭਾਈਚਾਰੇ ਨੂੰ ਜਰੂਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ, ਸਮਾਜਿਕ ਨਿਆਂ ਅਤੇ ਅਧਿਕਾਰਤਾ-ਕਮ-ਨੋਡਲ ਅਫਸਰ ਘੱਟ ਗਿਣਤੀ ਸ੍ਰੀ ਪਲਵ ਸ੍ਰੇਸ਼ਟਾ, ਨਗਰ ਨਿਗਮ ਤੋਂ ਸ੍ਰੀ ਵਿਸ਼ਾਲ ਵਧਾਵਨ, ਸ੍ਰੀ ਲੁਕਸ ਮਸੀਹ, ਸ੍ਰੀ ਬੰਟੀ ਅਜਨਾਲਾ, ਸ੍ਰੀ ਰਾਜਨ ਗਿੱਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
—–
ਕੈਪਸ਼ਨ
ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਸ਼੍ਰੀ ਜਤਿੰਦਰ ਮਸੀਹ ਗੌਰਵ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।







