ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ- ਜ਼ਿਲ੍ਹਾ ਚੋਣ ਅਫਸਰ

ਖ਼ਬਰ ਸ਼ੇਅਰ ਕਰੋ
052469
Total views : 169613

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਸਬੰਧੀ ਹਦਾਇਤਾਂ ਜਾਰੀ-

ਅਮ੍ਰਿਤਸਰ, 25 ਮਈ (ਡਾ. ਮਨਜੀਤ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਵੋਟਰ ਆਪਣੀ ਪਛਾਣ ਲਈ ਇਲੈਕਟੋਰਲ ਫੋਟੋ ਆਈਡੈਂਟੀਟੀ ਕਾਰਡ (EPIC) ਤੋਂ ਇਲਾਵਾ ਹੋਰ ਵਿਕਲਪਿਕ ਦਸਤਾਵੇਜ਼ ਵੀ ਵਰਤ ਸਕਣਗੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਈਪਿਕ ਕਾਰਡ ਉਪਲਬਧ ਹੈ, ਉਹ ਆਪਣੇ ਕਾਰਡ ਰਾਹੀਂ ਵੋਟ ਪਾ ਸਕਣਗੇ। ਇਸ ਤੋਂ ਇਲਾਵਾ ਜਿਨ੍ਹਾਂ ਵੋਟਰਾਂ ਕੋਲ ਈਪਿਕ ਕਾਰਡ ਨਹੀਂ ਹੈ, ਉਹ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਸਮੇਤ ਆਰਮਜ਼ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਆਜ਼ਾਦੀ ਘੁਲਾਟੀਏ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਦੀ ਫੋਟੋ ਵਾਲੀ ਪਾਸਬੁੱਕ, ਮਜ਼ਦੂਰੀ ਮੰਤਰਾਲੇ ਵੱਲੋਂ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਸਰਕਾਰੀ ਪਛਾਣ ਪੱਤਰ, ਯੂਨੀਕ ਡਿਸਏਬਿਲਟੀ ਆਈਡੀ ਕਾਰਡ (UDID), ਕੇਂਦਰ/ਰਾਜ ਸਰਕਾਰ, ਪੀਐੱਸਯੂ ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਸਰਵਿਸ ਆਈਡੀ ਕਾਰਡ ਅਤੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵੱਲੋਂ ਜਾਰੀ ਵਿਦਿਆਰਥੀ ਪਛਾਣ ਪੱਤਰ ਦੀ ਵਰਤੋਂ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਦਸਤਾਵੇਜ਼ ਪਰਿਵਾਰ ਦੇ ਮੁਖੀ ਦੇ ਨਾਮ ’ਤੇ ਹੈ ਤਾਂ ਉਸ ਦੇ ਆਧਾਰ ’ਤੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਵੀ ਪਛਾਣ ਕੀਤੀ ਜਾ ਸਕਦੀ ਹੈ, ਬਸ਼ਰਤੇ ਉਨ੍ਹਾਂ ਦੀ ਪਛਾਣ ਸਪੱਸ਼ਟ ਹੋਵੇ।ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਵਾਲੇ ਦਿਨ ਆਪਣੇ ਨਾਲ ਲਾਜ਼ਮੀ ਪਛਾਣ ਦਸਤਾਵੇਜ਼ ਜ਼ਰੂਰ ਲੈ ਕੇ ਆਉਣ ਤਾਂ ਜੋ ਕਿਸੇ ਕਿਸਮ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ।