ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਬੀ.ਐਲ.ਏ. ਨਿਭਾਉਣ ਅਹਿਮ ਭੂਮਿਕਾ – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ

ਖ਼ਬਰ ਸ਼ੇਅਰ ਕਰੋ
050640
Total views : 166944

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਬੂਥ ਲੈਵਲ ਏਜੰਟਾਂ ਦੀ ਓਰੀਐਂਟੇਸ਼ਨ ਟਰੇਨਿੰਗ ਕਰਵਾਈ ਗਈ-
ਅੰਮ੍ਰਿਤਸਰ, 21 ਜੂਨ-(ਡਾ. ਮਨਜੀਤ ਸਿੰਘ)- ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਵਿਧਾਨ ਸਭਾ ਹਲਕਾ 025-ਬਾਬਾ ਬਕਾਲਾ ਸਾਹਿਬ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਇੱਕ ਮਹੱਤਵਪੂਰਨ ਓਰੀਐਂਟੇਸ਼ਨ ਟਰੇਨਿੰਗ ਸਥਾਨਕ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸ਼ੁੱਧ, ਅਪਡੇਟ ਅਤੇ ਤਰੁੱਟੀ ਰਹਿਤ ਬਣਾਉਣਾ ਹੈ, ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋ ਸਕੇ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਬੂਥ ਲੈਵਲ ਏਜੰਟਾਂ ਦੀ ਭੂਮਿਕਾ ਬਹੁਤ ਹੀ ਅਹਿਮ ਹੈ ਕਿਉਂਕਿ ਉਹ ਸਿਆਸੀ ਪਾਰਟੀਆਂ ਅਤੇ ਚੋਣ ਪ੍ਰਸ਼ਾਸਨ ਵਿਚਕਾਰ ਇੱਕ ਪ੍ਰਭਾਵਸ਼ਾਲੀ ਕੜੀ ਵਜੋਂ ਕੰਮ ਕਰਦੇ ਹਨ।
ਟਰੇਨਿੰਗ ਦੌਰਾਨ ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ ਮਿਸ ਨਵਨੀਤ ਕੌਰ ਬੱਲ (ਪੀ.ਸੀ.ਐਸ.) ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਨੇ ਟਰੇਨਿੰਗ ਪ੍ਰੋਗਰਾਮ ਦਾ ਨਿਰੀਖਣ ਕੀਤਾ ਅਤੇ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਆਪਣੇ ਸੰਬੋਧਨ ਦੌਰਾਨ ਮਿਸ ਬੱਲ ਨੇ ਸਮੂਹ ਬੀ.ਐਲ.ਏ. ਨੂੰ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਵੱਲੋਂ ਕੀਤੇ ਜਾਣ ਵਾਲੇ ਘਰ-ਘਰ ਸਰਵੇ, ਵੋਟਰ ਵੇਰਵਿਆਂ ਦੀ ਤਸਦੀਕ ਅਤੇ ਐੱਸ.ਆਈ.ਆਰ.-2026 ਅਧੀਨ ਹੋਣ ਵਾਲੇ ਹੋਰ ਮਹੱਤਵਪੂਰਨ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਵੋਟਰ ਸੂਚੀ ਦੀ ਸ਼ੁੱਧਤਾ ਲੋਕਤੰਤਰ ਦੀ ਮਜ਼ਬੂਤੀ ਦਾ ਅਧਾਰ ਹੈ ਅਤੇ ਬੀ.ਐਲ.ਏ. ਇਸ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾ ਕੇ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ, ਗਲਤ ਐਂਟਰੀਆਂ ਦੀ ਪਛਾਣ ਅਤੇ ਲੋੜੀਂਦੇ ਸੁਧਾਰਾਂ ਵਿੱਚ ਸਹਿਯੋਗ ਦੇ ਸਕਦੇ ਹਨ। ਉਨ੍ਹਾਂ ਨੇ ਸਾਰੇ ਬੀ.ਐਲ.ਏ. ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ।
ਇਸ ਮੌਕੇ ਸ਼੍ਰੀ ਜਸ਼ਨਜੀਤ ਸਿੰਘ, ਚੋਣ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.), 025-ਬਾਬਾ ਬਕਾਲਾ ਸਾਹਿਬ, ਸ਼੍ਰੀ ਬਲਜੀਤ ਸਿੰਘ ਗੋਰਾਇਆ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1, ਸ਼੍ਰੀ ਰਣਜੀਤ ਸਿੰਘ, ਨਾਇਬ ਤਹਿਸੀਲਦਾਰ ਤਰਸਿੱਕਾ, ਸ਼੍ਰੀ ਜਗਰੂਪ ਸਿੰਘ, ਸ਼੍ਰੀ ਪ੍ਰਸ਼ਾਂਤ ਰਈਆ, ਸ਼੍ਰੀਮਤੀ ਰੁਪਿੰਦਰ ਕੌਰ, ਸ਼੍ਰੀ ਵਿਜੈ ਕੁਮਾਰ, ਚੋਣ ਕਾਨੂੰਗੋ, ਸੈਕਟਰ ਅਫ਼ਸਰਜ਼, ਸਮੂਹ ਏ.ਐਲ.ਐਮ.ਟੀ. ਮੈਂਬਰਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨਾਮਜ਼ਦ ਬੂਥ ਲੈਵਲ ਏਜੰਟਾਂ ਨੇ ਭਾਗ ਲਿਆ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਆਈ.ਆਰ.-2026 ਦੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।