




Total views : 166968






Total views : 166968ਪੱਲਸ ਪੋਲੀਓ ਰਾਊਂਡ 28, 29 ਅਤੇ 30 ਜੂਨ ਨੂੰ ਜ਼ਿਲ੍ਹੇ ਭਰ ਵਿੱਚ ਕਰਵਾਇਆ ਜਾਵੇਗਾ – ਸਿਵਲ ਸਰਜਨ
ਅੰਮ੍ਰਿਤਸਰ, 22 ਜੂਨ 2026 ( ) – ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਰੈਵਨਿਊ ਅਫ਼ਸਰ ਸ੍ਰੀ ਮਨਕੀਰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਡਾ. ਰਸ਼ਮੀ ਵਿੱਜ ਦੀ ਅਗਵਾਈ ਵਿੱਚ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੱਲਸ ਪੋਲੀਓ ਰਾਊਂਡ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤੀ ਗਈ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਲਸ ਪੋਲੀਓ ਰਾਊਂਡ 28, 29 ਅਤੇ 30 ਜੂਨ 2026 ਨੂੰ ਜ਼ਿਲ੍ਹੇ ਭਰ ਵਿੱਚ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਾਰੇ ਸਬੰਧਤ ਵਿਭਾਗਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਇਸ ਮੁਹਿੰਮ ਵਿੱਚ ਜ਼ਿਲ੍ਹਾ ਪ੍ਰੀਸ਼ਦ, ਮੈਡੀਕਲ ਵਿਭਾਗ, ਆਈ.ਸੀ.ਡੀ.ਐਸ., ਬਿਜਲੀ ਵਿਭਾਗ, ਸਿੱਖਿਆ ਵਿਭਾਗ, ਨਰਸਿੰਗ ਕਾਲਜਾਂ, ਆਈ.ਐਮ.ਏ., ਪੰਚਾਇਤੀ ਰਾਜ, ਪੰਜਾਬ ਰੋਡਵੇਜ਼ ਅਤੇ ਪੁਲਿਸ ਵਿਭਾਗ ਸਮੇਤ ਹੋਰ ਵਿਭਾਗ ਭਾਗੀਦਾਰੀ ਨਿਭਾਉਣਗੇ।
ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਭਾਰਤ ਭਾਵੇਂ ਪੋਲੀਓ ਮੁਕਤ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਚੁੱਕਾ ਹੈ, ਪਰ ਇਸ ਪ੍ਰਾਪਤੀ ਨੂੰ ਕਾਇਮ ਰੱਖਣ ਲਈ ਸਮੇਂ-ਸਮੇਂ ‘ਤੇ ਪੱਲਸ ਪੋਲੀਓ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਲਾ-ਇਲਾਜ ਬਿਮਾਰੀ ਤੋਂ ਬੱਚਿਆਂ ਦੀ ਸੁਰੱਖਿਆ ਲਈ ਸਿਰਫ਼ ਸਿਹਤ ਵਿਭਾਗ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਅਤੇ ਹੋਰ ਵਿਭਾਗਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਇਸ ਰਾਊਂਡ ਲਈ ਸਿਹਤ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸ਼ਹਿਰੀ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਨਵਜੰਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਦਵਾਈ ਦੀਆਂ ਦੋ ਬੂੰਦਾਂ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਲਗਭਗ 2,87,498 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਲਈ 1,193 ਬੂਥ ਸਥਾਪਿਤ ਕੀਤੇ ਜਾਣਗੇ ਅਤੇ 2,386 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ, ਜਦਕਿ 255 ਸੁਪਰਵਾਈਜ਼ਰਾਂ ਵੱਲੋਂ ਪੂਰੀ ਮੁਹਿੰਮ ਦੀ ਨਿਗਰਾਨੀ ਕੀਤੀ ਜਾਵੇਗੀ।
ਇਸ ਮੌਕੇ ਬੀ.ਸੀ.ਜੀ. ਅਫ਼ਸਰ ਡਾ. ਮਨਮੀਤ ਕੌਰ, ਡਾ. ਵਨੀਤ ਕੌਰ, ਜ਼ਿਲ੍ਹਾ ਐਮ.ਈ.ਆਈ.ਓ. ਸ੍ਰੀ ਅਮਰਦੀਪ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਸ਼ਹਿਰੀ ਮੈਡੀਕਲ ਅਫ਼ਸਰ ਹਾਜ਼ਰ ਸਨ।







