




Total views : 168711






Total views : 168711ਵਿਧਾਇਕ ਦਲਬੀਰ ਸਿੰਘ ਟੌਂਗ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ, ਵਿਕਾਸ ਕਾਰਜਾਂ ਲਈ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ-
ਅੰਮ੍ਰਿਤਸਰ, 7 ਜੁਲਾਈ-(ਡਾ. ਮਨਜੀਤ ਸਿੰਘ)- ਨਗਰ ਪੰਚਾਇਤ ਰਈਆ ਦੇ ਨਵੇਂ ਚੁਣੇ ਪ੍ਰਧਾਨ ਸ੍ਰੀ ਸੰਜੀਵ ਭੰਡਾਰੀ, ਸੀਨੀਅਰ ਵਾਈਸ ਪ੍ਰਧਾਨ ਸ੍ਰੀਮਤੀ ਸਰਬਜੀਤ ਕੌਰ ਅਤੇ ਵਾਈਸ ਪ੍ਰਧਾਨ ਸੂਬੇਦਾਰ ਸਰਬਜੀਤ ਸਿੰਘ ਨੇ ਅੱਜ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਤੋਂ ਪਹਿਲਾਂ ਨਗਰ ਪੰਚਾਇਤ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨਗਰ ਵਾਸੀ, ਕੌਂਸਲਰ ਅਤੇ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਗਰ ਰਈਆ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਲਈ ਵਚਨਬੱਧ ਹੈ ਅਤੇ ਨਗਰ ਰਈਆ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਸ੍ਰੀ ਸੰਜੀਵ ਭੰਡਾਰੀ, ਸੀਨੀਅਰ ਵਾਈਸ ਪ੍ਰਧਾਨ ਸ੍ਰੀਮਤੀ ਸਰਬਜੀਤ ਕੌਰ ਅਤੇ ਵਾਈਸ ਪ੍ਰਧਾਨ ਸੂਬੇਦਾਰ ਸਰਬਜੀਤ ਸਿੰਘ ਨੇ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਲੋਕਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਨਗਰ ਦੇ ਵਿਕਾਸ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਉਣਗੇ।







