




Total views : 167564






Total views : 167564ਸਮੂਹ ਵੋਟਰ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.)-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਜ਼ਿਲ੍ਹਾ ਚੋਣ ਅਫ਼ਸਰ
ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸਮੂਹ ਪੋਲਿੰਗ ਬੂਥਾਂ `ਤੇ ਬੀ.ਐਲ.ਓ. ਰਹਿਣਗੇ ਮੌਜੂਦ
ਅੰਮ੍ਰਿਤਸਰ, 10 ਜੁਲਾਈ (ਡਾ. ਮਨਜੀਤ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਘਰ-ਘਰ ਸਰਵੇਖਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ) ਨੂੰ ਜ਼ਿਲ੍ਹੇ ਭਰ ਦੇ ਸਮੂਹ ਪੋਲਿੰਗ ਬੂਥਾਂ `ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਦੋਵਾਂ ਦਿਨ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ `ਤੇ ਮੌਜੂਦ ਰਹਿਣਗੇ। ਉਹ ਵੋਟਰਾਂ ਨੂੰ ਗਣਨਾ ਫਾਰਮ ਭਰਨ, ਵੇਰਵਿਆਂ ਦੀ ਤਸਦੀਕ ਕਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ।
ਡਿਪਟੀ ਕਮਿਸ਼ਨਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੇ ਨਾਮ ਪਹਿਲਾਂ ਹੀ ਵੋਟਰ ਸੂਚੀ ਵਿੱਚ ਦਰਜ ਹਨ, ਉਹ ਵੀ ਆਪਣੇ ਵੇਰਵਿਆਂ ਦੀ ਪੁਸ਼ਟੀ ਅਤੇ ਲੋੜੀਂਦੀ ਸੋਧ ਲਈ ਗਣਨਾ ਫਾਰਮ ਜ਼ਰੂਰ ਭਰਨ, ਜਦਕਿ ਜਿਨ੍ਹਾਂ ਯੋਗ ਨਾਗਰਿਕਾਂ ਦੇ ਨਾਮ ਅਜੇ ਤੱਕ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹਨ, ਉਹ ਵੀ ਲੋੜੀਂਦੇ ਦਸਤਾਵੇਜ਼ਾਂ ਸਮੇਤ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣ ਕਿ ਸਾਰੇ ਪੋਲਿੰਗ ਬੂਥ ਕੈਂਪ ਦੌਰਾਨ ਆਮ ਲੋਕਾਂ ਲਈ ਖੁੱਲ੍ਹੇ ਰਹਿਣ। ਇਸ ਦੇ ਨਾਲ ਹੀ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੈਂਪ ਦੌਰਾਨ ਲਾਜ਼ਮੀ ਤੌਰ `ਤੇ ਆਪਣੇ ਪੋਲਿੰਗ ਬੂਥਾਂ `ਤੇ ਹਾਜ਼ਰ ਰਹਿਣ ਅਤੇ ਬਕਾਇਆ ਗਣਨਾ ਫਾਰਮਾਂ ਦੀ ਪ੍ਰਾਪਤੀ ਅਤੇ ਡਿਜੀਟਾਈਜ਼ੇਸ਼ਨ ਨੂੰ ਤਰਜੀਹ ਦੇਣ।
ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਏਜੰਟਾਂ (ਬੀ.ਐੱਲ.ਏ.-1 ਅਤੇ ਬੀ.ਐੱਲ.ਏ.-2), ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਵੋਟਰਾਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ।







