




Total views : 167938






Total views : 167938ਅੰਮ੍ਰਿਤਸਰ, 27 ਜੁਲਾਈ- (ਡਾ. ਮਨਜੀਤ ਸਿੰਘ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ “ਨੈਸ਼ਨਲ ਡੀ-ਵਾਰਮਿੰਗ ਡੇ” ਦੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੱਲਵੀ ਸ਼ਰਮਾ ਵੱਲੋਂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਦਿਆਂ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਪਣੇ-ਆਪਣੇ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਨਰੇਸ਼ ਕੁਮਾਰ ਨੇ ਦੱਸਿਆ ਕਿ 10 ਅਗਸਤ 2026 ਨੂੰ ਜ਼ਿਲ੍ਹੇ ਭਰ ਵਿੱਚ “ਨੈਸ਼ਨਲ ਡੀ-ਵਾਰਮਿੰਗ ਡੇ” ਮਨਾਇਆ ਜਾਵੇਗਾ, ਜਿਸ ਦੌਰਾਨ 1 ਤੋਂ 19 ਸਾਲ ਤੱਕ ਦੇ ਲਗਭਗ 7,29,500 ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆ ਕੇ ਪੇਟ ਦੇ ਕੀੜਿਆਂ ਤੋਂ ਬਚਾਅ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ ਸਰਕਾਰੀ, ਗੈਰ-ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਆਂਗਣਵਾੜੀ ਕੇਂਦਰਾਂ ਨਾਲ ਜੁੜੇ ਬੱਚਿਆਂ ਨੂੰ ਵੀ ਕਵਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 17 ਅਗਸਤ 2026 ਨੂੰ ਮੋਪ-ਅੱਪ ਰਾਊਂਡ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ 10 ਅਗਸਤ ਨੂੰ ਕਿਸੇ ਕਾਰਨਵਸ਼ ਦਵਾਈ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਦਿੱਤੀ ਜਾਵੇਗੀ। ਡਾ. ਨਰੇਸ਼ ਕੁਮਾਰ ਨੇ ਕਿਹਾ ਕਿ ਪੇਟ ਦੇ ਕੀੜੇ ਬੱਚਿਆਂ ਵਿੱਚ ਇੱਕ ਆਮ ਸਮੱਸਿਆ ਹੈ, ਪਰ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਇਹ ਅਨੀਮੀਆ, ਕੁਪੋਸ਼ਣ, ਕਮਜ਼ੋਰੀ ਅਤੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਰੁਕਾਵਟ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦੇ ਹਨ। ਇਸ ਲਈ ਹਰ ਯੋਗ ਬੱਚੇ ਨੂੰ ਇਹ ਦਵਾਈ ਜ਼ਰੂਰ ਦਿੱਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੱਲਵੀ ਸ਼ਰਮਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਸਕੂਲ ਪ੍ਰਬੰਧਕਾਂ, ਅਧਿਆਪਕਾਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਨ-ਸਿਹਤ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਅਤੇ 1 ਤੋਂ 19 ਸਾਲ ਤੱਕ ਦੇ ਹਰ ਬੱਚੇ ਨੂੰ ਐਲਬੈਂਡਾਜ਼ੋਲ ਦੀ ਗੋਲੀ ਜ਼ਰੂਰ ਖੁਆਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬੱਚਾ 10 ਅਗਸਤ ਨੂੰ ਦਵਾਈ ਨਹੀਂ ਲੈ ਸਕਦਾ ਤਾਂ ਉਸ ਨੂੰ ਮੋਪ-ਅੱਪ ਦਿਵਸ 17 ਅਗਸਤ ਨੂੰ ਜ਼ਰੂਰ ਦਵਾਈ ਦਿੱਤੀ ਜਾਵੇ।
ਮੀਟਿੰਗ ਵਿੱਚ ਸਕੂਲ ਹੈਲਥ ਨੋਡਲ ਅਫ਼ਸਰ ਡਾ. ਨੇਹਾ ਅਗਰਵਾਲ, ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਸਮੂਹ ਅਰਬਨ ਮੈਡੀਕਲ ਅਫ਼ਸਰ, ਆਰ.ਬੀ.ਐੱਸ.ਕੇ. ਦੀਆਂ ਟੀਮਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।







