ਪਸ਼ੂਆਂ ਨੂੰ ਸੜਕਾਂ ‘ਤੇ ਖੁੱਲ੍ਹਾ ਛੱਡਣ ਅਤੇ ਸੜਕਾਂ ਕਿਨਾਰੇ ਚਰਾਉਣ ‘ਤੇ ਪੂਰਨ ਪਾਬੰਦੀ- ਜ਼ਿਲ੍ਹਾ ਮੈਜਿਸਟਰੇਟ

ਖ਼ਬਰ ਸ਼ੇਅਰ ਕਰੋ
052918
Total views : 170231

ਪਸ਼ੂਪਾਲਕਾਂ ਅਤੇ ਚਰਵਾਹਿਆਂ ਨੂੰ ਪਸ਼ੂ ਆਪਣੇ ਵਾੜਿਆਂ ਅੰਦਰ ਰੱਖਣ ਦੇ ਹੁਕਮ-

ਅੰਮ੍ਰਿਤਸਰ, 4 ਨਵੰਬਰ-(ਡਾ. ਮਨਜੀਤ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀਆਂ ਸੜਕਾਂ ‘ਤੇ ਪਸ਼ੂਆਂ ਦੇ ਘੁੰਮਣ-ਫਿਰਨ ਅਤੇ ਸੜਕਾਂ ਦੇ ਆਲੇ-ਦੁਆਲੇ ਚਰਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਅਨੁਸਾਰ ਪਸ਼ੂਪਾਲਕਾਂ ਅਤੇ ਚਰਵਾਹਿਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਵਾੜਿਆਂ ਦੇ ਅੰਦਰ ਹੀ ਰੱਖਣ ਅਤੇ ਵਾੜਿਆਂ ਦੀ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਤਾਂ ਜੋ ਸਫ਼ਾਈ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਇਹ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕਈ ਪਸ਼ੂਪਾਲਕਾਂ ਅਤੇ ਚਰਵਾਹਿਆਂ ਵੱਲੋਂ ਆਪਣੇ ਪਸ਼ੂਆਂ ਨੂੰ ਚਰਾਉਣ ਲਈ ਸੜਕਾਂ ‘ਤੇ ਲਿਆਂਦਾ ਜਾਂਦਾ ਹੈ ਅਤੇ ਸੜਕਾਂ ਦੇ ਆਲੇ-ਦੁਆਲੇ ਖੁੱਲ੍ਹਾ ਛੱਡ ਦਿੱਤਾ ਜਾਂਦਾ ਹੈ। ਇਸ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਵਾਰ ਸੜਕ ਹਾਦਸੇ ਵਾਪਰਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ, ਜਿਸ ਨਾਲ ਵਾਹਨ ਚਾਲਕਾਂ ਅਤੇ ਪਸ਼ੂਆਂ ਦਾ ਜਾਨੀ-ਮਾਲੀ ਨੁਕਸਾਨ ਹੋ ਸਕਦਾ ਹੈ।

ਹੁਕਮਾਂ ਅਨੁਸਾਰ ਸੜਕਾਂ ਦੇ ਕਿਨਾਰਿਆਂ ‘ਤੇ ਛਾਂ ਅਤੇ ਹਰਿਆਲੀ ਲਈ ਲਗਾਏ ਗਏ ਪੌਦਿਆਂ ਨੂੰ ਵੀ ਇਹ ਪਸ਼ੂ ਨੁਕਸਾਨ ਪਹੁੰਚਾਉਂਦੇ ਹਨ। ਇਸ ਤੋਂ ਇਲਾਵਾ ਕਈ ਵਾਰ ਪਸ਼ੂਆਂ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਵੀ ਕੀਤਾ ਜਾਂਦਾ ਹੈ। ਇਸ ਕਾਰਨ ਕਿਸਾਨਾਂ ਅਤੇ ਪਸ਼ੂਪਾਲਕਾਂ/ਚਰਵਾਹਿਆਂ ਵਿਚਕਾਰ ਆਪਸੀ ਤਕਰਾਰ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ, ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਰੋਕਣ, ਸੜਕ ਸੁਰੱਖਿਆ ਯਕੀਨੀ ਬਣਾਉਣ, ਸਰਕਾਰੀ ਅਤੇ ਨਿੱਜੀ ਜਾਇਦਾਦ ਦੀ ਰਾਖੀ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ।

ਇਹ ਹੁਕਮ 2 ਜਨਵਰੀ 2027 ਤੱਕ ਲਾਗੂ ਰਹਿਣਗੇ।