




Total views : 170346






Total views : 170346ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਤਾ ਗਿਆ ਉਦਘਾਟਨ-
ਜੰਡਿਆਲਾ ਗੁਰੂ/ਅੰਮ੍ਰਿਤਸਰ, 11 ਨਵੰਬਰ-(ਨਸੀਹਤ ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਲਈ ਨਵਾਂ ਦਫ਼ਤਰ ਖੋਲ੍ਹਿਆ ਗਿਆ। ਉਦਘਾਟਨ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਡੈਨੀ ਬੰਡਾਲਾ, ਉਨਾਂ ਦੀ ਧਰਮ ਪਤਨੀ ਅੰਜਲੀ ਬੰਡਾਲਾ ਅਤੇ ਬੇਟੀਆਂ ਸਮੇਤ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਮਠਿਆਈ ਵੰਡੀ ਗਈ ਅਤੇ ਸੰਗਤ ਲਈ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਮੌਜੂਦਾ ਅਤੇ ਸਾਬਕਾ ਪੰਚ-ਸਰਪੰਚ, ਕਾਂਗਰਸੀ ਆਗੂ ਅਤੇ ਵਰਕਰ ਪਹੁੰਚੇ। ਸਮਾਗਮ ਦੌਰਾਨ ਡੈਨੀ ਬੰਡਾਲਾ ਨੇ ਸੰਗਤ, ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਦਫ਼ਤਰ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਜੰਡਿਆਲਾ ਗੁਰੂ ਹਲਕੇ ਦੇ ਹਰ ਕਾਂਗਰਸੀ ਵਰਕਰ, ਹਰ ਪਿੰਡ ਅਤੇ ਹਰ ਪਰਿਵਾਰ ਦਾ ਸਾਂਝਾ ਘਰ ਹੋਵੇਗਾ। ਇੱਥੇ ਹਰ ਵਰਕਰ ਦੀ ਗੱਲ ਸੁਣੀ ਜਾਵੇਗੀ ਅਤੇ ਉਸ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹਨ ਅਤੇ ਇਹ ਦਫ਼ਤਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਕੇਂਦਰ ਬਣੇਗਾ। ਹਲਕੇ ਦੇ ਲੋਕਾਂ ਦੇ ਦੁੱਖ-ਤਕਲੀਫ਼ਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਦਫ਼ਤਰ ਦਿਨ-ਰਾਤ ਲੋਕਾਂ ਦੀ ਸੇਵਾ ਲਈ ਖੁੱਲ੍ਹਾ ਰਹੇਗਾ।
ਡੈਨੀ ਬੰਡਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਤੰਗ ਆ ਕੇ ਹੁਣ ਕਾਂਗਰਸ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵੀ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਪਰ ਸਰਕਾਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਨਾਕਾਮ ਰਹੀ ਹੈ।
‘ਮੰਗਦਾ ਇਨਸਾਫ਼ ਪੰਜਾਬ’ ਯਾਤਰਾ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਨ੍ਹਾਂ ਗੁਲਜ਼ਾਰ ਸਿੰਘ, ਮਨਜੀਤ ਸਿੰਘ, ਪਰਮਿੰਦਰ ਸਿੰਘ ਅਤੇ ਸਿੱਧੂ ਮੂਸੇਵਾਲਾ ਸਮੇਤ ਕਈ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਵਾਪਰੀਆਂ ਇਨ੍ਹਾਂ ਘਟਨਾਵਾਂ ਨੇ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਉਨ੍ਹਾਂ ਸਵਾਲ ਉਠਾਇਆ ਕਿ ਪੰਜਾਬ ਵਿੱਚ ਵਧ ਰਹੇ ਅਪਰਾਧਾਂ ਅਤੇ ਨਸ਼ਿਆਂ ਦੀ ਚਿੰਤਾ ਕਰਨ ਦੀ ਬਜਾਏ ਸਰਕਾਰ ਨੂੰ ਕਾਂਗਰਸੀ ਆਗੂਆਂ ਦੀਆਂ ਸਰਗਰਮੀਆਂ ਦੀ ਇੰਨੀ ਚਿੰਤਾ ਕਿਉਂ ਹੈ? ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਅਤੇ ਪਰਗਟ ਸਿੰਘ ਦੀ ਇਨਸਾਫ਼ ਯਾਤਰਾ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਹਨ। ਸਰਕਾਰ ਨੂੰ ਇਨ੍ਹਾਂ ਯਾਤਰਾਵਾਂ ਤੋਂ ਡਰਨ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦਾ ਜਵਾਬ ਦੇਣਾ ਚਾਹੀਦਾ ਹੈ।
ਉਨਾਂ ਕਿਹਾ ਕਿ ਅਕਾਲੀ ਦਲ ਦੀ ਮੁੜ ਸੱਤਾ ਵਿੱਚ ਵਾਪਸੀ ਦੀਆਂ ਸੰਭਾਵਨਾਵਾਂ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਿਆਸੀ ਜ਼ਮੀਨ ਕਮਜ਼ੋਰ ਹੋ ਚੁੱਕੀ ਹੈ ਅਤੇ ਲੋਕ ਉਸ ਨੂੰ ਮੁੜ ਮੌਕਾ ਦੇਣ ਦੇ ਮੂਡ ਵਿੱਚ ਨਹੀਂ ਹਨ।
‘ਵਾਰਿਸ ਪੰਜਾਬ ਦੇ’ ਵੱਲੋਂ ਚੋਣ ਲੜਨ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਪਾਰਟੀ ਅਤੇ ਜਥੇਬੰਦੀ ਨੂੰ ਚੋਣ ਲੜਨ ਦਾ ਅਧਿਕਾਰ ਹੈ ਅਤੇ ਸਾਰਿਆਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਚੋਣਾਂ ਦੀ ਤਿਆਰੀ ਕਰ ਰਹੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 100 ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਹੁਣ ਕਾਂਗਰਸ ਨੂੰ ਸੱਤਾ ਵਿੱਚ ਲਿਆਉਣਾ ਹੈ।
ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਚੋਣ ਜਿੱਤਣਾ ਨਹੀਂ, ਸਗੋਂ ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਹੈ। ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਨੂੰ ਉਨ੍ਹਾਂ ਦੇ ਹੱਕ, ਵਪਾਰੀਆਂ ਨੂੰ ਸੁਰੱਖਿਆ ਅਤੇ ਹਰ ਵਰਗ ਨੂੰ ਇਨਸਾਫ਼ ਦਿਵਾਉਣਾ ਕਾਂਗਰਸ ਦੀ ਸੋਚ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਲਈ ਕਾਂਗਰਸੀ ਵਰਕਰ ਬੂਥ ਪੱਧਰ ਤੱਕ ਮਜ਼ਬੂਤ ਹਨ ਅਤੇ ਪਾਰਟੀ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ।
ਇਸ ਮੌਕੇ ਸ. ਅਵਤਾਰ ਸਿੰਘ ਟੱਕਰ, ਹਰਜੀਤ ਸਿੰਘ ਬੰਡਾਲਾ ਸਾਬਕਾ ਚੇਅਰਮੈਨ, ਕਸ਼ਮੀਰ ਸਿੰਘ ਜਾਣੀਆਂ ਸਾਬਕਾ ਚੇਅਰਮੈਨ, ਦਿਲਬਾਗ ਸਿੰਘ ਜੌਹਲ, ਹਰਜੀਤ ਸਿੰਘ ਅੱਡਾ ਬੰਡਾਲਾ, ਰਾਣਾ ਜੰਡ, ਜਸਵਿੰਦਰ ਸਿੰਘ ਝੰਡ, ਜਸਮੇਲ ਸਿੰਘ ਖਲੈਹਰਾ,
ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਨਾਟੀ, ਪ੍ਰਤਾਪ ਸਿੰਘ ਮਲਹੋਤਰਾ ਕੌਂਸਲਰ, ਸਾਬਕਾ ਮੀਤ ਪ੍ਰਧਾਨ ਰਣਧੀਰ ਸਿੰਘ ਮਲਹੋਤਰਾ, ਗੁਰਮੇਜ ਸਿੰਘ ਉੱਦੋਨੰਗਲ, ਦਲਬੀਰ ਸਿੰਘ ਭਗਵਾਨ, ਜਸਵਿੰਦਰ ਸਿੰਘ ਨੰਗਲ ਦਿਆਲ, ਚਰਨਜੀਤ ਸਿੰਘ ਟੀਟੋ, ਮਨਜਿੰਦਰ ਸਿੰਘ ਸਰਜਾ, ਗੁਰਲਾਲ ਸਿੰਘ ਮੱਖਣਵਿੰਡੀ, ਨਿਰਮਲ ਸਿੰਘ ਲਾਹੌਰੀਆ, ਰਾਜਦੀਪ ਸੈਣੀ, ਪਰਮਜੀਤ ਸਿੰਘ ਜਾਣੀਆ, ਮਨਜੀਤ ਸਿੰਘ ਪੱਪੀ, ਸੋਨੂੰ ਬਰਾੜ, ਨਿਰਮਲ ਸਿੰਘ ਨਿੰਮਾ, ਸੋਨੂੰ ਵਿਰਕ, ਸਾਬਕਾ ਕੌਂਸਲਰ ਹਰਦੇਵ ਸਿੰਘ, ਪਰਮਜੀਤ ਸਿੰਘ ਮਲਹੋਤਰਾ, ਐਡਵੋਕੇਟ ਅਮਨ ਅਰੋੜਾ, ਸੁਰਿੰਦਰ ਸੇਠ, ਪਰਮਜੀਤ ਸਿੰਘ ਹੈਰੀ, ਪਰਮਜੀਤ ਸਿੰਘ ਨੰਗਲ,
ਹੀਰਾ ਲਾਲ, ਇੰਦਰਜੀਤ ਸਮੇਤ ਸੈਂਕੜੇ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ।







