ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-

ਖ਼ਬਰ ਸ਼ੇਅਰ ਕਰੋ
053031
Total views : 170390

12 ਨਵੰਬਰ ਤੋਂ 11 ਦਸੰਬਰ ਤੱਕ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਕੀਤੇ ਜਾ ਸਕਣਗੇ

14, 15 ਅਤੇ 29 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਤਹਿਤ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਬੀ.ਐੱਲ.ਓਜ਼

ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 2240 ਤੋਂ ਵਧ ਕੇ 2249 ਹੋਈ; ਮੁੱਢਲੀ ਵੋਟਰ ਸੂਚੀ ਵਿੱਚ 18.27 ਲੱਖ ਤੋਂ ਵੱਧ ਵੋਟਰ ਦਰਜ

ਅੰਮ੍ਰਿਤਸਰ, 12 ਨਵੰਬਰ-(ਨਸੀਹਤ ਟੂਡੇ)- ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2027 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (Special Summary Revision-SSR) ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਜ਼ਿਲਾ ਚੋਣ ਅਫਸਰ ਕੰਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਪਲਵੀ ਮਿਸ਼ਰਾ ਅਤੇ ਚੋਣ ਤਹਿਸੀਲਦਾਰ ਰਜਿੰਦਰ ਸਿੰਘ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਸਾਰੇ 11 ਵਿਧਾਨ ਸਭਾ ਚੋਣ ਹਲਕਿਆਂ ਦੀ ਮੁੱਢਲੀ ਫੋਟੋ ਵੋਟਰ ਸੂਚੀ ਅੱਜ 12 ਨਵੰਬਰ, 2026 ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਇਹ ਸੂਚੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਸਬੰਧਤ ਬੂਥ ਲੈਵਲ ਅਫ਼ਸਰਾਂ (BLOs) ਕੋਲ ਜਾਂਚ ਲਈ ਉਪਲਬਧ ਹੈ। ਇਸ ਤੋਂ ਇਲਾਵਾ ਵੋਟਰ ਸੂਚੀ ਮੁੱਖ ਚੋਣ ਅਫ਼ਸਰ, ਪੰਜਾਬ ਦੀ ਵੈੱਬਸਾਈਟ www.ceopunjab.gov.in ਅਤੇ ਜ਼ਿਲ੍ਹੇ ਦੀ ਵੈੱਬਸਾਈਟ https://amritsar.nic.in ’ਤੇ ਵੀ ਦੇਖੀ ਜਾ ਸਕਦੀ ਹੈ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਿਨਾਂ ਫੋਟੋ ਵਾਲੀ ਸਾਫਟ ਕਾਪੀ ਵੀ ਮੁਹੱਈਆ ਕਰਵਾਈ ਗਈ।

ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 12 ਨਵੰਬਰ ਤੋਂ 11 ਦਸੰਬਰ, 2026 ਤੱਕ ਪ੍ਰਾਪਤ ਕੀਤੇ ਜਾਣਗੇ। ਜਿਨ੍ਹਾਂ ਯੋਗ ਨਾਗਰਿਕਾਂ ਦੀ ਅਜੇ ਤੱਕ ਵੋਟ ਨਹੀਂ ਬਣੀ, ਉਹ ਫਾਰਮ ਨੰਬਰ 6 ਭਰ ਕੇ ਆਪਣੀ ਵੋਟ ਬਣਵਾ ਸਕਦੇ ਹਨ। ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ ਲਈ ਫਾਰਮ ਨੰਬਰ 8 ਅਤੇ ਵੋਟ ਕਟਵਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ 14 ਨਵੰਬਰ (ਸ਼ਨੀਵਾਰ), 15 ਨਵੰਬਰ (ਐਤਵਾਰ) ਅਤੇ 29 ਨਵੰਬਰ (ਐਤਵਾਰ), 2026 ਨੂੰ ਵਿਸ਼ੇਸ਼ ਮੁਹਿੰਮ ਵਾਲੇ ਦਿਨ ਨਿਰਧਾਰਤ ਕੀਤੇ ਗਏ ਹਨ। ਇਨ੍ਹਾਂ ਦਿਨਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਯੋਗ ਨਾਗਰਿਕਾਂ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨਗੇ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ, 2027 ਨੂੰ ਹੋਵੇਗੀ।

ਮੀਟਿੰਗ ਦੌਰਾਨ ਵਧੀਕ ਜ਼ਿਲਾ ਚੋਣ ਅਧਿਕਾਰੀ ਸ੍ਰੀਮਤੀ ਪਲਵੀ ਮਿਸ਼ਰਾ ਨੇ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ ਪੁਨਰ-ਵਿਵਸਥਾ (Rationalization) ਉਪਰੰਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 2240 ਤੋਂ ਵਧ ਕੇ 2249 ਹੋ ਗਈ ਹੈ। ਜ਼ਿਲ੍ਹੇ ਦੀ ਮੁੱਢਲੀ ਵੋਟਰ ਸੂਚੀ ਵਿੱਚ ਕੁੱਲ 18,27,300 ਵੋਟਰ ਦਰਜ ਹਨ, ਜਿਨ੍ਹਾਂ ਵਿੱਚ 9,40,749 ਪੁਰਸ਼, 8,86,503 ਮਹਿਲਾ ਅਤੇ 48 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਮੁੱਢਲੀ ਵੋਟਰ ਸੂਚੀ ਦੀ ਬਾਰੀਕੀ ਨਾਲ ਜਾਂਚ ਯਕੀਨੀ ਬਣਾਉਣ। ਖ਼ਾਸ ਤੌਰ ’ਤੇ ਹਰੇਕ ਹਲਕੇ ਦੇ ਭਾਗਾਂ, ਸੈਕਸ਼ਨਾਂ, ਪੋਲਿੰਗ ਸਟੇਸ਼ਨਾਂ ਅਤੇ ਪਿੰਡਾਂ ਆਦਿ ਦੇ ਨਾਵਾਂ ਦੀ ਤਸਦੀਕ ਕੀਤੀ ਜਾਵੇ। ਇਸ ਦੇ ਨਾਲ ਹੀ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ, ਰਾਜ ਸਭਾ ਮੈਂਬਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਵੋਟਾਂ ਦੀ ਵੀ ਜਾਂਚ ਕੀਤੀ ਜਾਵੇ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਵਾਂਝਾ ਨਾ ਰਹਿ ਜਾਵੇ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਨਿਯੁਕਤ ਬੂਥ ਲੈਵਲ ਏਜੰਟਾਂ (BLAs) ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਬੂਥ ਲੈਵਲ ਅਫ਼ਸਰਾਂ (BLOs) ਨੂੰ ਪੂਰਨ ਸਹਿਯੋਗ ਦੇਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਦੇ ਸਾਂਝੇ ਸਹਿਯੋਗ ਨਾਲ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕਦਾ ਹੈ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ।

ਅਖੀਰ ਵਿੱਚ ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।