




Total views : 170669






Total views : 170669ਅੰਮ੍ਰਿਤਸਰ, 29 ਨਵੰਬਰ (ਨਸੀਹਤ ਟੂਡੇ)-ਅੱਜ ਇੱਥੇ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅਤੇ ਸਾਊਥ ਏਸ਼ੀਆ ਫ੍ਰੀ ਮੀਡੀਆ ਐਸੋਸੀਏਸ਼ਨ ਵਲੋਂ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ, ਜਿਸ ਵਿਚ ਇਹ ਫੈਸਲਾ ਕੀਤਾ ਗਿਆ ਕਿ ਅਟਾਰੀ-ਵਾਹਗਾ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਆਉਣ ਵਾਲੇ ਦਿਨਾਂ ਵਿਚ ਡੇਰਾ ਬਾਬਾ ਨਾਨਕ ਵਿਖੇ ਇਕ ਸਰਬ ਪਾਰਟੀ ਕਨਵੈਨਸ਼ਨ ਸੱਦੀ ਜਾਵੇਗੀ। ਜਿਸ ਵਿਚ ਸਿਆਸੀ ਪਾਰਟੀਆਂ ਤੋਂ ਇਲਾਵਾ ਮੁਲਾਜਮ ਯੂਨੀਅਨਾ, ਕਿਸਾਨ ਜਥੇਬੰਦੀਆਂ ਅਤੇ ਹੋਰ ਸਮਾਜਿਕ ਸੰਗਠਨਾਂ ਨੂੰ ਵੀ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਜਾਵੇਗਾ। ਅੱਜ ਦੀ ਵਿਸ਼ੇਸ਼ ਮੀਟਿੰਗ ਨੂੰ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ, ਸਾਫਮਾ, ਕਿਸਾਨ ਤੇ ਮੁਲਾਜਮ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਸੰਬੋਧਨ ਕੀਤਾ ਗਿਆ। ਇਸ ਮੀਟਿੰਗ ਵਿਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਅਟਾਰੀ ਤੇ ਵਾਹਗਾ ਦਾ ਬਾਰਡਰ ਲੋਕਾਂ ਦੀ ਆਵਾਜਾਈ ਤੇ ਵਪਾਰ ਲਈ ਖੋਲ੍ਹਿਆ ਜਾਣਾ ਚਾਹੀਦਾ ਹੈ ਅਤੇ ਇਸੇ ਤਰ੍ਹਾਂ ਕਰਤਾਰਪਰ ਸਾਹਿਬ ਦਾ ਲਾਂਘਾ ਵੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਖੋਲ੍ਹਣ ਦੀ ਜ਼ਰੂਰਤ ਹੈ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤ ਪਹਿਲਾਂ ਦੀ ਤਰ੍ਹਾਂ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਜਾ ਸਕਣ। ਇਸੇ ਨਾਲ ਹੀ ਬੁਲਾਰਿਆਂ ਵਲੋਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਗਿਆ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਜੰਮੂ ਕਸ਼ਮੀਰ ਸਮੇਤ ਸਾਰੇ ਦੁਵੱਲੇ ਮਸਲੇ ਗੱਲਬਾਤ ਰਾਹੀਂ ਹੱਲ ਕਰਨ। ਦੋਵਾਂ ਦੇਸ਼ਾਂ ਵਿਚ ਨਫ਼ਰਤ ਅਤੇ ਫਿਰਕਾਪ੍ਰਸਤੀ ਫ਼ੈਲਾ ਕੇ ਲੋਕਾਂ ਨੂੰ ਵੰਡਣ ਵਾਲੀਆਂ ਤਾਕਤਾਂ ਨੂੰ ਸਰਕਾਰਾਂ ਵਲੋਂ ਕਿਸੇ ਵੀ ਰੂਪ ਵਿਚ ਉਤਸ਼ਾਹਿਤ ਨਾ ਕੀਤਾ ਜਾਵੇ। ਬੁਲਾਰਿਆਂ ਨੇ ਇਹ ਵੀ ਮੰਗ ਕੀਤੀ ਕਿ ਸਰਹੱਦਾਂ ਦੇ ਆਰ-ਪਾਰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਵੀ ਸਖ਼ਤੀ ਨਾਲ ਰੋਕਿਆ ਜਾਵੇ।
ਬੁਲਾਈ ਗਈ ਇਸ ਵਿਸ਼ੇਸ਼ ਮੀਟਿੰਗ ਨੂੰ ਹਿੰਦ-ਪਾਕਿ ਦੋਸਤੀ ਮੰਚ ਦੇ ਜਨ: ਸਕੱਤਰ ਸਤਨਾਮ ਸਿੰਘ ਮਾਣਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੋਰਪ ਸਮੇਤ ਦੁਨੀਆਂ ਦੇ ਵੱਖ-ਵੱਖ ਉਨ੍ਹਾਂ ਦੇਸ਼ਾਂ ਨੇ ਹੀ ਤਰੱਕੀ ਕੀਤੀ ਹੈ ਜਿਨ੍ਹਾਂ ਨੇ ਆਪਣੇ ਸਰਹੱਦੀ ਅਤੇ ਆਪਣੇ ਹੋਰ ਦੁਵੱਲੇ ਮਸਲੇ ਗੱਲਬਾਤ ਰਾਹੀਂ ਸੁਲਝਾਏ ਹਨ ਅਤੇ ਸਰਹੱਦਾਂ ਦੇ ਆਰ-ਪਾਰ ਲੋਕਾਂ ਨੂੰ ਅਸਾਨੀ ਨਾਲ ਆਉਣ-ਜਾਣ ਲਈ ਸਹੂਲਤਾਂ ਮੁਹੱਈਆ ਕੀਤੀਆਂ ਹਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਸ੍ਰੀ ਰਮੇਸ਼ ਯਾਦਵ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਡੇਰਾ ਬਾਬਾ ਨਾਨਕ ਵਿਖੇ ਇਕ ਕਨਵੈਨਸ਼ਨ ਕੀਤੀ ਜਾਵੇਗੀ, ਜਿਸ ਵਿਚ ਰਾਜ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੱਦਾ ਦਿੱਤਾ ਜਾਵੇਗਾ ਤਾਂ ਕਿ ਚੋਣਾ ਦੇ ਅਵਸਰ ‘ਤੇ ਅਟਾਰੀ-ਵਾਹਗਾ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਉਨ੍ਹਾਂ ਤੋਂ ਸਮਰਥਨ ਲਿਆ ਜਾਵੇਗਾ ਅਤੇ ਰਾਜਨੀਤਿਕ ਪਾਰਟੀਆਂ ਨੂੰ ਆਪੋ-ਆਪਣੇ ਚੋਣ ਘੋਸ਼ਣਾ ਪੱਤਰਾਂ ਵਿਚ ਵੀ ਇਹ ਮੰਗਾਂ ਸ਼ਾਮਿਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਵਿਚਾਰ-ਚਰਚਾ ਵਿੱਚ ਭੁਪਿੰਦਰ ਸਿੰਘ ਸੰਧੂ, ਰਮੇਸ਼ ਯਾਦਵ, ਡਾ. ਹਰਜਿੰਦਰਪਾਲ ਕੌਰ ਕੰਗ, ਕਰਮਜੀਤ ਕੌਰ ਜੱਸਲ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਪਰਮਿੰਦਰ ਸਿੰਘ, ਡਾ. ਪ੍ਰਭਜੋਤ ਕੌਰ ਸੰਧੂ ਅਤੇ ਜਸਵੰਤ ਸਿੰਘ ਜੱਸ ਨੇ ਸ਼ਮੂਲੀਅਤ ਕਰਦਿਆਂ ਆਪਣੇ ਉਸਾਰੂ ਸੁਝਾਅ ਪੇਸ਼ ਕੀਤੇ। ਬੁਲਾਰਿਆਂ ਨੇ ਕਿਹਾ ਕਿ ਸਰਹੱਦਾਂ ਲੋਕਾਂ ਦੇ ਦਿਲਾਂ ਵਿਚ ਦੂਰੀਆਂ ਪੈਦਾ ਕਰਨ ਦਾ ਕਾਰਨ ਨਹੀਂ ਬਣਨੀਆਂ ਚਾਹੀਦੀਆਂ। ਦੋਵਾਂ ਦੇਸ਼ਾਂ ਦੇ ਲੋਕ ਅਮਨ, ਖੁਸ਼ਹਾਲੀ ਅਤੇ ਆਪਸੀ ਸਦਭਾਵਨਾ ਦੇ ਹਾਮੀ ਹਨ। ਇਸ ਮੌਕੇ ਦਿਲਬਾਗ ਸਿੰਘ ਸਰਕਾਰੀਆ, ਹਰਜੀਤ ਸਿੰਘ ਸਰਕਾਰੀਆ, ਨਿਰੰਜਨ ਸਿੰਘ ਗਿੱਲ, ਕਮਲ ਗਿੱਲ, ਧਰਵਿੰਦਰ ਸਿੰਘ ਔਲਖ, ਹਰੀਸ਼ ਸਾਬਰੀ, ਮੰਨਤ ਲਵਲੀ, ਗੁਰਜਿੰਦਰ ਸਿੰਘ ਬਘਿਆੜੀ, ਮਨਜੀਤ ਸਿੰਘ ਧਾਲੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਲਖਵਿੰਦਰ ਸਿੰਘ ਗਿੱਲ, ਡੀ.ਟੀ.ਐੱਫ. ਦੇ ਅਮਰਜੀਤ ਸਿੰਘ ਵੇਰਕਾ, ਸੁਰਜੀਤ ਸਿੰਘ, ਸਾਫਮਾ ਦੇ ਮਨਿੰਦਰ ਸਿੰਘ ਮੋਂਗਾ, ਰੇਸ਼ਮ ਸਿੰਘ, ਮਨਜਿੰਦਰ ਸਿੰਘ ਮਨੀ, ਜਸਪਾਲ ਸਿੰਘ, ਰਸਾਲ ਸਿੰਘ, ਉਂਕਾਰ ਸਿੰਘ ਰਾਜਾਤਾਲ ਅਤੇ ਸੁਖਚੈਨ ਸਿੰਘ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ, ਲੇਖਕ, ਬੁੱਧੀਜੀਵੀ ਅਤੇ ਪੱਤਰਕਾਰ ਭਾਈਚਾਰੇ ਦੇ ਨੁਮਾਇੰਦੇ ਹਾਜ਼ਰ ਸਨ।







