Total views : 131857
ਗਣਤੰਤਰ ਦਿਵਸ ਮੌਕੇ ‘ਤੇ ਕੈਬਨਿਟ ਮੰਤਰੀ ਪੰਜਾਬ ਮਿਸ ਅਨਮੋਲ ਗਗਨ ਮਾਨ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
ਤਰਨ ਤਾਰਨ, 09 ਜਨਵਰੀ -(ਡਾ. ਦਵਿੰਦਰ ਸਿੰਘ)- ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਕਿਰਤਪ੍ਰੀਤ ਕੌਰ ਅਤੇ ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਂਊਂਡ ਤਰਨ ਤਾਰਨ ਵਿਖੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਜ਼ਿਲਾ ਪੱਧਰੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਪੰਜਾਬ ਮਿਸ ਅਨਮੋਲ ਗਗਨ ਮਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਰਾਸ਼ਟਰੀ ਮਹੱਤਤਾ ਵਾਲੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਟੇਡੀਅਮ ਦੀ ਸਾਫ ਸਫਾਈ, ਸਟੇਜ ਦੀ ਸਜਾਵਟ, ਪਤਵੰਤਿਆਂ ਦੇ ਬੈਠਣ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਰਚ ਪਾਸਟ, ਇਨਾਮਾਂ ਦੀ ਵੰਡ, ਮੁੱਢਲੀ ਸਹਾਇਤਾ ਅਤੇ ਝਾਕੀਆਂ ਆਦਿ ਸਬੰਧੀ ਡਿਊਟੀਆਂ ਲਾਈਆਂ ਗਈਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਟੇਡੀਅਮ ਵਿਖੇ ਸਾਫ-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਉਨਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਬੰਧਿਤ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।
————-