Total views : 131856
ਲਾਭਪਾਤਰੀ ਲੈ ਸਕਦੇ ਹਨ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ.
ਫ਼ਰੀਦਕੋਟ 11 ਜਨਵਰੀ — ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੁੜੇ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਕਿਹਾ ਕਿ ਆਯੂਸ਼ਮਾਨ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਵਿੱਢਿਆ ਜਾਵੇ। ਉਨ੍ਹਾ ਕਿਹਾ ਕਿ ਆਉਣ ਵਾਲੇ 15 ਦਿਨਾਂ ਵਿੱਚ ਦੁਬਾਰਾ ਰੀਵਿਊ ਮੀਟਿੰਗ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਕਾਰਡ ਬਣਾਉਣ ਲਈ ਵੱਖ ਵੱਖ ਕੈਟਾਗਰੀਆਂ ਹਨ। ਜਿਨ੍ਹਾਂ ਵਿੱਚ ਪੱਤਰਕਾਰ(ਪੀਲੇ ਅਤੇ ਐਕਰੀਡੇਸ਼ਨ ਕਾਰਡ ਹੋਲਡਰ) ਲੇਬਰ ਡਿਪਾਰਟਮੈਂਟ ਦੇ ਰਜਿਸਟਰਡ ਨਿਰਮਾਣ ਕਾਮੇ, ਕਿਸਾਨ ਜੋ ਕਿ (ਜੇ) ਫਾਰਮ ਹੋਲਡਰ ਹੋਣ, ਛੋਟੇ ਵਪਾਰੀ ਅਤੇ ਨੀਲੇ ਕਾਰਡ ਹੋਲਡਰ ਆਦਿ ਸ਼ਾਮਿਲ ਹਨ। ਉਨ੍ਹਾਂ ਲੇਬਰ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ਤੇ ਜਿਨ੍ਹਾਂ ਲਾਭਪਾਤਰੀਆਂ ਦੇ ਕਾਰਡ ਰਹਿ ਗਏ ਹਨ ਉਨ੍ਹਾਂ ਨੂੰ ਟੈਲੀਫੋਨ ਰਾਹੀਂ ਸੂਚਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਾਰਡ ਬਣਾਉਣ ਲਈ ਪ੍ਰੇਰਿਆ ਜਾਵੇ ਅਤੇ ਲੋਕਾਂ ਨੂੰ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਦਾ ਤਾਲਮੇਲ ਕਾਮਨ ਵੈਲਥ ਸੈਂਟਰ ਨਾਲ ਕਰਵਾਇਆ ਜਾਵੇ।
ਉਨ੍ਹਾਂ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਆਪਣਾ ਕਾਰਡ ਕਾਮਨ ਵੈਲਥ ਸੈਂਟਰ ਵਿਖੇ ਜਾ ਕੇ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ 5 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਲਾਭਪਾਤਰੀ ਆਪਣੇ ਦਸਤਾਵੇਜ਼ ਲਿਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ, ਜਿਸ ਤਹਿਤ ਲਾਭਪਾਤਰੀ ਆਪਣੇ ਆਧਾਰ ਕਾਰਡ ਦੀ ਕਾਪੀ ਅਤੇ ਪਰਿਵਾਰ ਦੇ ਸਬੂਤ ਦਾ ਦਸਤਾਵੇਜ਼ ਲਿਜਾ ਕੇ ਆਪਣਾ ਕਾਰਡ ਬਣਵਾ ਸਕਦਾ ਹੈ।
ਉਨ੍ਹਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਨੇ ਹੁਣ ਤੱਕ ਕਾਰਡ ਨਹੀਂ ਬਣਵਾਏ, ਉਹ ਆਪਣੇ ਕਾਰਡ ਨੂੰ ਬਿਨਾ ਕਿਸੇ ਦੇਰੀ ਤੋਂ ਬਣਵਾ ਲੈਣ ਅਤੇ ਇਸ ਸੁਵਿਧਾ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
ਇਸ ਮੌਕੇ ਐਸ.ਡੀ.ਐਮ ਫ਼ਰੀਦਕੋਟ ਸ੍ਰੀ ਵਰੁਣ ਕੁਮਾਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ, ਜ਼ਿਲਾ ਲੋਕ ਸੰਪਰਕ ਅਫਸਰ, ਸ. ਗੁਰਦੀਪ ਸਿੰਘ ਮਾਨ, ਐਸ.ਐਮ.ਓ ਡਾ. ਚੰਦਰ ਸ਼ੇਖਰ ਕੱਕੜ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।